ਟ੍ਰਿਬਿਊਨ ਨਿਊਜ਼ ਜਾਰੀ
ਚੰਡੀਗੜ੍ਹ, 30 ਅਕਤੂਬਰ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਡੇਂਗੂ ਦੇ ਵਧਦੇ ਕੇਸਾਂ ਵੱਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੀਤੇ ਕੁਝ ਸਾਲਾਂ ਦੇ ਮੁਕਾਬਲੇ ਇਸ ਸਾਲ ਡੇਂਗੂ ਦੇ ਮਾਮਲੇ ਤੇ ਮੌਤਾਂ ਦੀ ਗਿਣਤੀ ਲਗਪਗ ਦੁੱਗਣੀ ਹੋ ਗਈ ਹੈ, ਜੋ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੀਤੇ ਛੇ ਸਾਲਾਂ ਤੋਂ ਸਭ ਤੋਂ ਜ਼ਿਆਦਾ ਡੇਂਗੂ ਦੇ 15,400 ਮਰੀਜ਼ ਸਾਹਮਣੇ ਆਏ ਹਨ ਅਤੇ ਕਰੀਬ 48 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।