ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਪਰੈਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਣਕ ਦੀ ਫ਼ਸਲ ’ਚ ਪਏ ਘਾਟੇ ਦੀ ਪੂਰਤੀ ਲਈ ਸੂਬਾ ਸਰਕਾਰ ਤੋਂ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਹਾੜ੍ਹੀ ਦੀ ਫ਼ਸਲ ਦੌਰਾਨ ਕਿਸਾਨ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਹੇ ਹਨ, ਜਿਸ ਕਰਕੇ ਫ਼ਸਲਾਂ ਦੀ ਦੇਖਭਾਲ ਪ੍ਰਭਾਵਿਤ ਹੋਈ ਹੈ। ਉਧਰ, ਅਚਾਨਕ ਵਧੀ ਗਰਮੀ, ਝੱਖੜ ਅਤੇ ਫ਼ਸਲ ਡਿੱਗਣ ਕਾਰਨ ਕਣਕ ਦੀ ਫ਼ਸਲ ’ਤੇ ਮਾਰੂ ਅਸਰ ਪਿਆ ਹੈ। ਇਸ ਕਰਕੇ ਸੂਬੇ ਭਰ ’ਚ ਕਣਕ ਦੇ ਝਾੜ ’ਚ 4 ਤੋਂ 6 ਕੁਇੰਟਲ ਪ੍ਰਤੀ ਏਕੜ ਕਮੀ ਹੋਈ ਹੈ। ਇਸ ਨਾਲ ਹਰ ਕਿਸਾਨ ਨੂੰ ਪ੍ਰਤੀ ਏਕੜ 8 ਤੋਂ 12 ਹਜ਼ਾਰ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ।
ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲ ਦੀ ਸੁਚੱਜੀ ਸਾਂਭ-ਸੰਭਾਲ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ। ਬਾਰਦਾਨੇ ਦੀ ਘਾਟ ਕਰਕੇ ਅਜੇ ਤਕ ਕਣਕ ਮੰਡੀਆਂ ’ਚ ਰੁਲ ਰਹੀ ਹੈ। ਮੰਡੀ ’ਚ ਪਈ ਕਣਕ ’ਤੇ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਆਪਣੀ ਕਣਕ ਦੀ ਤੁਲਾਈ ਵਿੱਚ ਕਾਟ ਲਵਾ ਕੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹਾਲਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਬਾਂਹ ਫੜਨ ਅਤੇ ਉਨ੍ਹਾਂ ਨੂੰ ਪ੍ਰਤੀ ਕੁਇੰਟਲ 500 ਰੁਪਏ ਬੋਨਸ ਦੇਣ ਦਾ ਐਲਾਨ ਕਰਨ।
ਸੰਸਦ ਮੈਂਬਰ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਦੌਰ ਵਿੱਚ ਕੇਂਦਰ ਸਰਕਾਰ ਨੇ ਦੇਸ਼ ਦੇ 80 ਕਰੋੜ ਲੋਕਾਂ ਨੂੰ ਜੋ ਮੁਫ਼ਤ ਅਨਾਜ ਦੇਣ ਦਾ ਐਲਾਨ ਕੀਤਾ ਹੈ, ਉਸ ਵਿੱਚ ਪੰਜਾਬ ਦੇ ਅੰਨਦਾਤਾ ਦਾ ਵੱਡਾ ਯੋਗਦਾਨ ਹੋਵੇਗਾ। ਇਸ ਲਈ ਮੋਦੀ ਸਰਕਾਰ ਨੂੰ ਅੰਨਦਾਤਾ ਦੀ ਕਦਰ ਕਰਨੀ ਚਾਹੀਦੀ ਹੈ।
ਕੁਰਸੀ ਦੀ ਲੜਾਈ ’ਚ ਉਲਝੀ ਕਾਂਗਰਸ ਨੇ ਲੋਕ ਵਿਸਾਰੇ: ਚੀਮਾ
ਚੰਡੀਗੜ੍ਹ: ‘ਆਪ’ ਦੇ ਸੀਨੀਅਰ ਆਗੂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂਆਂ ਨੇ ਕੁਰਸੀ ਲਈ ਆਪਸੀ ਲੜਾਈ ’ਚ ਉਲਝ ਕੇ ਪੰਜਾਬ ਤੇ ਲੋਕਾਂ ਨੂੰ ਵਿਸਾਰ ਦਿੱਤਾ ਹੈ। ਭਾਵੇਂ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪਰ ਇਸ ਕਾਟੋ-ਕਲੇਸ਼ ਦਾ ਸੂਬੇ ਦੇ ਹਰੇਕ ਵਰਗ ’ਤੇ ਅਸਿੱਧੇ ਤੌਰ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕੈਪਟਨ ਤੋਂ ਝੂਠੇ ਵਾਅਦਿਆਂ ਦਾ ਹਿਸਾਬ ਜ਼ਰੂਰ ਲੈਣਗੇ।