ਆਤਿਸ਼ ਗੁਪਤਾ
ਚੰਡੀਗੜ੍ਹ, 18 ਨਵੰਬਰ
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ’ਤੇ ਵਧ ਰਹੇ ਕਰਜ਼ੇ ਦੇ ਬੋਝ ਸਬੰਧੀ ਚੰਨੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਦੋਵੇਂ ਹੀ ਪੰਜਾਬ ਦੀਆਂ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ ਜਿਸ ਕਾਂਗਰਸ ਸਰਕਾਰ ਨੇ 19 ਜਨਵਰੀ 2017 ਨੂੰ ਲਿਖਤੀ ਤੌਰ ’ਤੇ ਕਿਸਾਨ-ਮਜ਼ਦੂਰ ਨਾਲ ਸੰਪੂਰਨ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ, ਉਹੀ ਪੌਣੇ ਪੰਜ ਸਾਲਾਂ ਵਿੱਚ ਪੂਰਾ ਨਹੀਂ ਕਰ ਸਕੀ।
ਵਿਰੋਧੀ ਧਿਰ ਦੇ ਨੇਤਾ ਨੇ ਦੋਸ਼ ਲਾਇਆ ਕਿ ਹੁਣ ਚਰਨਜੀਤ ਸਿੰਘ ਚੰਨੀ ਮੁੜ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇੱਕ ਸਮਾਂ ਸੀਮਾ ਤੈਅ ਕਰ ਕੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਕਿਸਾਨਾਂ ਤੇ ਮਜ਼ਦੂਰਾਂ ਦਾ ਸੰਪੂਰਨ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰ ਸਕਦੇ ਤਾਂ ਬਾਕੀ ਵਾਅਦੇ ਕੋਈ ਮਾਇਨੇ ਨਹੀਂ ਰੱਖਦੇ। ‘ਆਪ’ ਆਗੂ ਨੇ ਕਿਹਾ ਕਿ ਸਰਕਾਰ ਸਿਰਫ਼ ਐਲਾਨਾਂ ’ਤੇ ਜ਼ੋਰ ਦੇ ਰਹੀ ਹੈ ਪਰ ਜਦੋਂ ਪੈਸਾ ਖ਼ਰਚ ਕਰਨਾ ਪੈਂਦਾ ਹੈ ਤਾਂ ਸਰਕਾਰ ਭੱਜ ਜਾਂਦੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਅੰਨਦਾਤਾ ਸਿਰ ਪਹਿਲਾਂ 90 ਹਜ਼ਾਰ ਕਰੋੜ ਰੁਪਏ ਕਰਜ਼ਾ ਸੀ, ਜੋ ਹੁਣ ਵਧ ਕੇ ਡੇਢ ਲੱਖ ਕਰੋੜ ’ਤੇ ਪਹੁੰਚ ਗਿਆ ਹੈ ਅਤੇ ਇਸ ਦੇ ਬਾਵਜੂਦ ਚੰਨੀ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਲਈ ਤਿਆਰ ਨਹੀਂ ਹੈ।
ਮਿਸ਼ਨ ਪੰਜਾਬ ਦਾ ਆਗਾਜ਼ ਭਲਕੇ
ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਕਾਰਨ ਆਮ ਆਦਮੀ ਪਾਰਟੀ ‘ਮਿਸ਼ਨ ਪੰਜਾਬ’ ਦਾ ਆਗਾਜ਼ ਕਰਨ ਜਾ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਤੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ ਜੋ ਇਕ ਮਹੀਨਾ ਲਗਾਤਾਰ ਪੰਜਾਬ ਦੇ ਹਰ ਹਲਕੇ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਪਾਰਟੀ ਦਾ ਪ੍ਰਚਾਰ ਕਰਨਗੇ। ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਪਹੁੰਚ ਕੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਪ੍ਰਚਾਰ ਕਰੇਗੀ ਤਾਂ ਜੋ ਚੋਣਾਂ ਵਿੱਚ ਪੰਜਾਬ ਨੂੰ ਹੱਸਦਾ-ਵੱਸਦਾ ਪੰਜਾਬ ਬਣਾਉਣ ਦੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ-ਨਾਲ ਪਿੰਡਾਂ ’ਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।