ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਏ ਜਿਸ ’ਚ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਕੈਬਨਿਟ ’ਚ ਬੀਐੱਸਐੱਫ ਦੀ ਤਾਇਨਾਤੀ ਰੋਕਣ ਲਈ ਸਪੱਸ਼ਟ ਫ਼ੈਸਲਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਕੈਬਨਿਟ ’ਚ ਰੱਦ ਕਰਨ ਦੀ ਮੰਗ ਕੀਤੀ।
ਸ੍ਰੀ ਬਾਦਲ ਨੇ ਕਿਹਾ ਕਿ ਖੇਤੀਬਾੜੀ ਰਾਜਾਂ ਦਾ ਮੁੱਦਾ ਹੈ। ਇਸ ਲਈ ਪੰਜਾਬ ਸਰਕਾਰ ਸਾਰੇ ਅਧਿਕਾਰੀਆਂ ਨੂੰ ਕੇਂਦਰ ਦਾ ਫ਼ੈਸਲਾ ਲਾਗੂ ਨਾ ਕਰਨ ਦੇ ਆਦੇਸ਼ ਦੇਣ।
ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਐੱਸਐੱਫ ਅਤੇ ਖੇਤੀ ਕਾਨੂੰਨਾਂ ਦਾ ਮਸਲਾ ਪੰਜਾਬ ਵਿਧਾਨ ਸਭਾ ’ਚ ਲਿਆ ਕੇ ਲੋਕਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਰਾਜ ਦਾ ਵਿਸ਼ਾ ਹੈ। ਇਹ ਮਾਮਲਾ ਵਿਧਾਨ ਸਭਾ ’ਚ ਲਿਜਾਣ ਦੀ ਥਾਂ ਕੈਬਨਿਟ ’ਚ ਵੀ ਫ਼ੈਸਲਾ ਲਿਆ ਜਾ ਸਕਦਾ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵੱਲੋਂ ਅਤਿਵਾਦ ਰੋਕੂ ਕਾਨੂੰਨ ਪੰਜਾਬ ’ਚ ਲਾਗੂ ਕੀਤੇ ਜਾਣ ਦੀ ਨਿੰਦਾ ਕਰਦਾ ਹੈ। ਅਕਾਲੀ ਦਲ ਨੇ ਕਾਂਗਰਸ ਸਰਕਾਰ ਤੋਂ ਕੇਂਦਰ ਦੇ ਇਸ ਫ਼ੈਸਲੇ ਖ਼ਿਲਾਫ਼ ਰਣਨੀਤੀ ਤਿਆਰ ਕਰਨ ਦੀ ਗੱਲ ਕੀਤੀ। ਕੋਰ ਕਮੇਟੀ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਜਗਦੀਸ਼ ਟਾਈਟਲਰ ਨੂੰ ਪਦਉੱਨਤ ਕਰਨ, ਸੂਬੇ ਦੇ ਲੋਕਾਂ ਦੀ ਮੰਗਾਂ ਸਬੰਧੀ ਅੰਦੋਲਨ ਕਰ ਰਹੇ ਅਕਾਲੀ ਵਰਕਰਾਂ ’ਤੇ ਲਾਠੀਚਾਰਜ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਇਹ ਲਾਠੀਚਾਰਜ ਕੀਤਾ ਗਿਆ ਹੈ।