ਚੰਡੀਗੜ੍ਹ, 14 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੀਆਂ ਸੂਬਾਈ ਯੋਜਨਾਵਾਂ ਵਿੱਚੋਂ ਘੱਟੋ-ਘੱਟ 30 ਫ਼ੀਸਦੀ ਫੰਡ ਪੰਜਾਬ ਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਖ਼ਰਚ ਕਰੇਗੀ। ਮੁੱਖ ਮੰਤਰੀ ਨੇ ਸੂਬਾ ਪੱਧਰੀ ਵਰਚੁਅਲ ਸਮਾਗਮ ’ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਸਾਰੇ ਵਿਭਾਗਾਂ ਵਿੱਚ ਐੱਸਸੀ ਕੋਟੇ ਦੀਆਂ ਬੈਕਲਾਗ (ਬਕਾਇਆ) ਅਸਾਮੀਆਂ ਭਰਨ ਅਤੇ ਵਿੱਤੀ ਸਾਲ 2021-22 ਲਈ 500 ਕਰੋੜ ਰੁਪਏ ਦੇ ਇੱਕ ਵਿਸ਼ੇਸ਼ ਦਿਹਾਤੀ ਲਿੰਕ ਸੜਕਾਂ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਸਾਲ 2021-22 ਵਿੱਚ 50 ਫ਼ੀਸਦੀ ਤੋਂ ਵੱਧ ਐੱਸਸੀ ਵਸੋਂ ਵਾਲੇ ਪਿੰਡਾਂ ਦੇ ਨਵੀਨੀਕਰਨ ਲਈ 100 ਕਰੋੜ ਰੁਪਏ ਦੀ ਵਿਸ਼ੇਸ਼ ਵੰਡ ਵੀ ਪ੍ਰਸਤਾਵਿਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਜਲੰਧਰ ’ਚ ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਟਰੇਨਿੰਗ ਸਥਾਪਤ ਕਰਨ ਦੀ ਵੀ ਯੋਜਨਾ ਹੈ, ਜਿੱਥੇ ਸਿਵਿਲ ਸੇਵਾਵਾਂ ਸਣੇ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ। ਇਸ ਵਿੱਚ ਐੱਸਸੀ ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ। ਕੈਪਟਨ ਨੇ ਕਿਹਾ ਕਿ ਸਰਕਾਰ ਦੀਆਂ ਹੋਰ ਯੋਜਨਾਵਾਂ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕੈਂਪਸ ਕਪੂਰਥਲਾ ਵਿੱਚ ਬੀ.ਆਰ. ਅੰਬੇਡਕਰ ਅਜਾਇਬਘਰ ਅਤੇ ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ ਮੈਨਜਮੈਂਟ ਆਦਿ ਬਣਾਉਣਾ ਸ਼ਾਮਲ ਹਨ। -ਪੀਟੀਆਈ