ਚਰਨਜੀਤ ਭੁੱਲਰ
ਚੰਡੀਗੜ੍ਹ, 18 ਸਤੰਬਰ
ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਸਿਰਫ਼ 12 ਦਿਨ ਬਚੇ ਹਨ ਪਰ ਸੂਬੇ ਵਿੱਚ ਅਨਾਜ ਭੰਡਾਰਨ ਦਾ ਵੱਡਾ ਸੰਕਟ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫ਼ੌਰੀ ਇਸ ਮਾਮਲੇ ’ਚ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਨਾਜ ਦੀ ਢੋਆ-ਢੁਆਈ ਲਈ ਪੰਜਾਬ ਨੂੰ ਰੇਲਵੇ ਦੇ ਵਾਧੂ ਰੈਕ ਮੁਹੱਈਆ ਕਰਾਏ ਜਾਣ ਤਾਂ ਜੋ ਸਾਉਣੀ ਸੀਜ਼ਨ 2024-25 ਲਈ ਝੋਨੇ/ਚੌਲ ਦੀ ਖ਼ਰੀਦ ਨਿਰਵਿਘਨ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਹਰ ਮਹੀਨੇ ਘੱਟੋ-ਘੱਟ 20 ਲੱਖ ਟਨ ਅਨਾਜ ਦੀ ਪੰਜਾਬ ਵਿੱਚੋਂ ਮੂਵਮੈਂਟ ਹੋਣੀ ਚਾਹੀਦੀ ਹੈ ਤਾਂ ਹੀ ਆਗਾਮੀ ਸੀਜ਼ਨ ’ਚ ਅਨਾਜ ਰੱਖਣ ਦੀ ਜਗ੍ਹਾ ਬਣ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 24 ਸਤੰਬਰ ਤੋਂ 25 ਮਾਰਚ, 2025 ਤੱਕ ਸੂਬੇ ਦੇ ਕਵਰਡ ਗੁਦਾਮਾਂ ਤੋਂ ਪ੍ਰਤੀ ਦਿਨ ਕਣਕ ਅਤੇ ਚੌਲਾਂ ਦੇ ਘੱਟੋ-ਘੱਟ 25 ਰੈਕ ਮੂਵ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਾਧੂ ਰੈਕ ਹੀ ਅਨਾਜ ਭੰਡਾਰਨ ਲਈ ਜਗ੍ਹਾ ਬਣਾ ਸਕਦੇ ਹਨ। ਉਨ੍ਹਾਂ ਕੇਂਦਰ ਨੂੰ ਜਾਣੂ ਕਰਾਇਆ ਕਿ ਆਗਾਮੀ ਸੀਜ਼ਨ ਦੌਰਾਨ 185-190 ਲੱਖ ਟਨ ਝੋਨੇ ਦੀ ਖ਼ਰੀਦ ਹੋਣ ਦੀ ਉਮੀਦ ਹੈ, ਜਿਸ ਨਾਲ ਕੇਂਦਰੀ ਪੂਲ ਲਈ 120-125 ਲੱਖ ਟਨ ਚੌਲਾਂ ਦਾ ਉਤਪਾਦਨ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਉਪਲਬਧ ਕੁੱਲ 171 ਲੱਖ ਟਨ ਦੀ ਕਵਰਡ ਸਪੇਸ ਦੇ ਮੁਕਾਬਲੇ ਲਗਭਗ 121 ਲੱਖ ਟਨ ਚੌਲ ਅਤੇ 50 ਲੱਖ ਟਨ ਕਣਕ ਕਵਰਡ ਗੁਦਾਮਾਂ ਵਿੱਚ ਸਟੋਰ ਕੀਤੀ ਹੋਈ ਹੈ ਅਤੇ ਨਵੀਂ ਫ਼ਸਲ ਰੱਖਣ ਲਈ ਕੋਈ ਥਾਂ ਬਾਕੀ ਨਹੀਂ ਬਚੀ ਹੈ।
ਚੇਤੇ ਰਹੇ ਕਿ ਪੰਜਾਬ ਦੇ ਚੌਲ ਮਿੱਲ ਮਾਲਕਾਂ ਲਈ ਸਪੇਸ ਦੀ ਕਮੀ ਵੱਡਾ ਸੰਕਟ ਬਣੀ ਹੋਈ ਹੈ, ਜਿਨ੍ਹਾਂ ਪਿਛਲੇ ਵਰ੍ਹੇ ਦੇ ਚੌਲ ਦੀ ਡਲਿਵਰੀ ਵੀ ਹਰਿਆਣਾ ਵਿੱਚ ਵੀ ਕੀਤੀ ਹੈ ਅਤੇ ਉਨ੍ਹਾਂ ਨੂੰ ਪੱਲਿਓਂ ਟਰਾਂਸਪੋਰਟ ਦਾ ਖਰਚਾ ਝੱਲਣਾ ਪਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਐੱਫਸੀਆਈ ਨੂੰ ਕੁੱਲ 98.35 ਫ਼ੀਸਦੀ ਚੌਲਾਂ ਦੀ ਸਪੁਰਦਗੀ ਕੀਤੀ ਜਾ ਸਕੀ ਹੈ। ਥਾਂ ਦੀ ਲਗਾਤਾਰ ਘਾਟ ਕਾਰਨ ਸੂਬਾ ਸਰਕਾਰ ਨੇ ਪਹਿਲਾਂ 31 ਜੁਲਾਈ, 2024 ਅਤੇ ਫਿਰ 31 ਅਗਸਤ, 2024 ਤੱਕ ਮਿਲਿੰਗ ਦਾ ਸਮਾਂ ਵਧਾਇਆ। ਹੁਣ ਫਿਰ ਥਾਂ ਦੀ ਕਿੱਲਤ ਕਾਰਨ ਸਾਉਣੀ ਸੀਜ਼ਨ 2023-24 ਦੇ ਬਾਕੀ ਪਏ ਚੌਲਾਂ ਦੀ ਸਪੁਰਦਗੀ ਦੀ ਮਿਆਦ 30 ਸਤੰਬਰ, 2024 ਤੱਕ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖ਼ੁਰਾਕ ਨਿਗਮ ਕੋਲ ਪੰਜਾਬ ਵਿੱਚ ਜਗ੍ਹਾ ਦੀ ਕਮੀ ਹੈ। ਇਸ ਨਾਲ ਸੂਬੇ ਦੇ ਰਾਈਸ ਮਿੱਲਰਾਂ ਵਿੱਚ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਥਾਂ ਦੀ ਕਿੱਲਤ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ ਅਤੇ ਸੂਬਾ ਸਰਕਾਰ ਕੇਂਦਰ ਕੋਲ ਥਾਂ ਦੀ ਕਮੀ ਦਾ ਮੁੱਦਾ ਉਠਾਉਂਦੀ ਆ ਰਹੀ ਹੈ।