ਜਗਜੀਤ ਕੁਮਾਰ
ਖਮਾਣੋਂ, 22 ਜੁਲਾਈ
ਪੰਜਾਬ, ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵੱਲੋਂ ਦਿੱਤੇ ਸੱਦੇ ’ਤੇ ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਬਲਾਕ ਖਮਾਣੋਂ ਵਿਚ ਸਰਕਾਰ ਵੱਲੋਂ ਮਲਾਜ਼ਮਾਂ ਦੀ ਨਵੀਂ ਭਰਤੀ ਨਿਯੁਕਤੀ ਅਧੀਨ ਮੁਲਾਜ਼ਮਾਂ ਤੇ ਸਰਕਾਰ ਵੱਲੋਂ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਨੂੰ ਮੁੱਢੋਂ ਰੱਦ ਕਰਦਿਆਂ ਸਰਕਾਰ ਦੇ ਫੈ਼ਸਲੇ ਵਿਰੁੱਧ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਦੀ ਅਗਵਾਈ ਵਿੱਚ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿੱਚ ਘੜਾ ਭੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਸਰਕਾਰ ਵੱਲੋਂ ਲਗਾਤਾਰ ਮੁਲਾਜਮ ਵਿਰੋਧੀ ਕੀਤੇ ਜਾ ਰਹੇ ਫੈ਼ਸਲਿਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਿਆ ਕੀਤੀ। ਆਗੂਆਂ ਨੇ ਮੁਲਾਜ਼ਮ ਵਿਰੋਧੀ ਫੈ਼ਸਲਿਆਂ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਊਂਦਿਆਂ ਕਿਹਾ ਕਿ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਫੈ਼ਸਲੇ ਨੂੰ ਵਾਪਸ ਕਰਵਾਉਣ, ਜਨਤਕ ਖੇਤਰ ਦੇ ਅਦਾਰਿਆਂ ਨੂੰ ਬਚਾਉਣ ਅਤੇ ਹਰ ਵਰਗ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ, ਮੁਲਾਜ਼ਮਾਂ ਪੈਂਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਂਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਕਾਲੇ ਝੰਡੇ, ਕਾਲੇ ਕੱਪੜੇ ਪਾ ਕੇ ਸਰਕਾਰ ਦੇ ਮਾੜੇ ਕਰਮਾਂ ਦਾ ਘੜਾ ਭੰਨ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੀ ਆੜ ਵਿੱਚ ਸਰਕਾਰ ਸੰਘਰਸ਼ਸ਼ੀਲ ਲੋਕਾਂ ਦੀ ਜ਼ੁਬਾਨਬੰਦੀ ਕਰਨ ਲਈ ਸਖ਼ਤ ਪਾਬੰਦੀਆਂ ਲਗਾ ਕੇ ਲਗਾਤਾਰ ਮੁਲਾਜ਼ਮ ਅਤੇ ਲੋਕ ਵਿਰੋਧੀ ਫੈਸਲੇ ਲਾਗੂ ਕਰ ਰਹੀ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਮਾਨਸਿਕਤਾ ਨੂੰ ਨਿਸ਼ਾਨੇ ਤੇ ਲੈਂਦਿਆਂ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਮੁਲਾਜ਼ਮਾਂ ਨੂੰ ਆਰਥਿਕ ਰਾਹਤਾਂ ਦੇਣ ਦੀ ਥਾਂ 200 ਰੁਪੈ ਪ੍ਰਤੀ ਮਹੀਨਾ ਮੁਲਾਜ਼ਮਾਂ ਦੀ ਜੇਬ ਵਿਚੋਂ ਵਿਕਾਸ ਟੈਕਸ ਦੇ ਨਾਂ ਤੇ ਖੋਹ ਰਹੇ ਹਨ। ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਵੀ ਲਟਕਾਇਆ ਜਾ ਰਿਹਾ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਪੈਨਸ਼ਨਰ ਅਤੇ ਲੋਕ ਮਾਰੂ ਫੈਸਲੇ ਵਾਪਸ ਨਾ ਲਏ ਤਾਂ ਸਾਂਝਾ ਫਰੰਟ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਅਮਰਜੀਤ ਸਿੰਘ, ਅਜੈਬ ਸਿੰਘ ਤੇ ਮਲਕੀਤ ਸਿੰਘ ਸ਼ਾਮਲ ਸਨ।
ਰੂਪਨਗਰ ’ਚ ਮੁਲਾਜ਼ਮਾਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ
ਰੂਪਨਗਰ (ਬਹਾਦਰਜੀਤ ਸਿੰਘ): ਪੰਜਾਬ ਸਰਕਾਰ ਵੱਲੋਂ ਪੇਅ ਪੈਰਿਟੀ ਨੂੰ ਕੇਂਦਰ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਨਾਲ ਜੋੜਨ ਲਈ ਜਾਰੀ ਕੀਤੇ ਨੋਟੀਫਕੇਸ਼ਨ ਦਾ ਵਿਰੋਧ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਵੀਜ਼ਨ-2 ਰੂਪਨਗਰ ਦੇ ਫ਼ੀਲਡ ਮੁਲਾਜ਼ਮਾਂ ਵੱਲੋਂ ਦਲਜੀਤ ਸਿੰਘ ਘਨੌਲੀ, ਨਿਰਮਲਜੀਤ ਸਿੰਘ ਨਿੰਮਾ ਦੀ ਅਗਵਾਈ ਵਿੱਚ ਡਿਵੀਜ਼ਨ ਦੇ ਦਫ਼ਤਰ ਅੱਗੇ ਨੋਟੀਫਿਕੇਸਨ ਦੀਆਂ ਕਾਪੀਆਂ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਮੁਲਾਜ਼ਮ ਆਗੂ ਮਲਾਗਰ ਸਿੰਘ ਖਮਾਣੋਂ, ਨਿਰਮਲਜੀਤ ਸਿੰਘ ਨਿੰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਦੀ ਆੜ ਹੇਠ ਲਗਾਤਾਰ ਮੁਲਾਜ਼ਮ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸੂਬੇ ਦੀ ਆਰਥਿਕਤਾ ਦੇ ਆਧਾਰ ’ਤੇ ਮੁਲਾਜ਼ਮਾਂ ਨੂੰ ਬਾਕੀ ਸੂਬਿਆਂ ਨਾਲੋਂ ਵੱਧ ਸਕੇਲ ਮਿਲਦੇ ਸਨ, ਪਰੰਤੂ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਮੁਲਾਜ਼ਮਾਂ ਦੇ ਛੇਵੇਂ ਪੇਅ ਕਮਿਸ਼ਨ ਨੂੰ ਕੇਂਦਰ ਸਰਕਾਰ ਦੇ ਸੱਤਵੇਂ ਪੇਅ ਕਮਿਸ਼ਨ ਨਾਲ ਜੋੜ ਕੇ ਤਨਖ਼ਾਹ ਸਕੇਲ ਦੇਣ ਤੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰੀ ਪੇਅ ਕਮਿਸ਼ਨ ਮੁਤਾਬਕ ਸਕੇਲ ਦੇਣਾ ਠੀਕ ਨਹੀਂ ਹੈ। ਆਗੂਆਂ ਨੇ ਕਿਹਾ ਕਿ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੀ ਤਨਖਾਹ ਪਹਿਲਾਂ ਨਾਲੋਂ ਵੀ ਘੱਟ ਜਾਵੇਗੀ। ਇਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੇ ਸਕੇਲ ਕੇਂਦਰੀ ਪੇਅ ਕਮਿਸ਼ਨ ਨਾਲ ਜੋੜਨ ਦਾ ਪੱਤਰ ਵਾਪਸ ਨਾ ਲਿਆ ਤਾਂ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਰੋਸ ਮੁਜ਼ਾਹਰੇ ਵੱਚ ਹਰਮੀਤ ਸਿੰਘ ਡੇਕਵਾਲਾ, ਆਸੂ ਕੁਮਾਰ, ਹਰਭਜਨ ਸਿੰਘ ਤੇ ਦੀਪਕ ਕੁਮਾਰ ਸ਼ਾਮਲ ਹੋਏ।