ਆਤਿਸ਼ ਗੁਪਤਾ
ਚੰਡੀਗੜ੍ਹ, 9 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ਤੱਕ ਕਰਵਾਉਣ ਲਈ ਕੀਤੇ ਐਲਾਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਸ੍ਰੀ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ ਬੇਨਤੀ ਕੀਤੀ ਹੈ ਕਿ ‘ਸਰਬਸਾਂਝੀ ਗੁਰਬਾਣੀ’ ਦੇ ਦੁਨੀਆ ਭਰ ਵਿੱਚ ਪ੍ਰਚਾਰ ਤੇ ਪਸਾਰ ਲਈ ਪੰਜਾਬ ਸਰਕਾਰ ਤਿਆਰ ਹੈ। ਇਸ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਆਧੁਨਿਕ ਸੰਚਾਰ ਤਕਨੀਕਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਹੈ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨੂੰ ਆਧੁਨਿਕ ਸੰਚਾਰ ਤਕਨੀਕਾਂ ਸਥਾਪਤ ਕਰਨ ਲਈ ਪ੍ਰਵਾਨਗੀ ਦੇਵੇਗੀ। ਮੁੱਖ ਮੰਤਰੀ ਨੇ ਪੱਤਰ ਰਾਹੀਂ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਗੁਰਬਾਣੀ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ ਤੇ ਤਕਨਾਲੋਜੀ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ, ਜਿਸ ਵਿੱਚ
ਨਵੀਨਤਮ ਕੈਮਰੇ ਅਤੇ ਪ੍ਰਸਾਰਨ ਉਪਕਰਨ ਸ਼ਾਮਲ ਹਨ। ਇਨ੍ਹਾਂ ਤਕਨੀਕਾਂ ਨਾਲ ਗੁਰਬਾਣੀ ਦਾ ਪ੍ਰਸਾਰਨ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲ ਜਾਂ ਹੋਰਨਾਂ ਚਾਹਵਾਨ ਚੈਨਲਾਂ ਰਾਹੀਂ ਕੀਤਾ ਜਾ ਸਕੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 7 ਅਪਰੈਲ ਨੂੰ ਵੀਡੀਓ ਜਾਰੀ ਕਰਦਿਆਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਗੁਰਬਾਣੀ ਦੇ ਪ੍ਰਸਾਰਨ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਤਿਆਰ ਹੈ। ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਸੀ। ਸ੍ਰੀ ਮਾਨ ਨੇ ਅੱਜ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਨੂੰ ਮੁੜ ਤੋਂ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
ਦਰਬਾਰ ਸਾਹਿਬ ਤੋਂ ਸਿੱਧੇ ਪ੍ਰਸਾਰਨ ਲਈ ਹਫ਼ਤੇ ’ਚ ਲਾਂਚ ਹੋਵੇਗਾ ਯੂਟਿਊਬ ਚੈਨਲ: ਧਾਮੀ
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਇੱਥੋਂ ਦੇ ਇੱਕ ਕਾਲਜ ਵਿੱਚ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਹੁਕਮ ਮੰਨਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਲਈ ਪਹਿਲਾਂ ਯੂ-ਟਿਊਬ ਚੈਨਲ ਲਾਂਚ ਕੀਤਾ ਜਾਵੇਗਾ ਅਤੇ ਮਗਰੋਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੋਂ ਪ੍ਰਵਾਨਗੀ ਲੈ ਕੇ ਜਲਦੀ ਹੀ ਸੈਟੇਲਾਈਟ ਚੈਨਲ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਯੂਟਿਊਬ ਚੈਨਲ ਇੱਕ ਹਫ਼ਤੇ ਵਿੱਚ ਲਾਂਚ ਹੋਣ ਦੀ ਉਮੀਦ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿਹਾ ਕਿ ਜਿਹੜੇ ਸਿੱਖ ਪਰਿਵਾਰ ਧਰਮ ਪਰਿਵਰਤਨ ਕਰ ਰਹੇ ਹਨ, ਉਹ ਸਿੱਖ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਚੜ੍ਹਦੀਕਲਾ ਵਿੱਚ ਰੱਖਣ ਲਈ ਗੁਰੂ ਸਹਬਿਾਨ ਨੇ ਕੁਰਬਾਨੀਆਂ ਦਿੱਤੀਆਂ ਪਰ ਜੇ ਹੁਣ ਕੋਈ ਵਿਅਕਤੀ ਲਾਲਚ ਵਿੱਚ ਆ ਕੇ ਆਪਣਾ ਧਰਮ ਛੱਡ ਦੇੇਵੇ ਤਾਂ ਉਹ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਦੂਜੇ ਧਰਮਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਆਰਥਿਕ ਸਹਾਇਤਾ ਜਾਂ ਹੋਰ ਲਾਲਚ ਦੇ ਕੇ ਧਰਮ ਪਰਿਵਰਤਨ ਨਾ ਕਰਵਾਉਣ।