ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 5 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਦੋਆਬਾ ਜ਼ੋਨ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਅਤੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਕਰੋਨਾ ਕਾਲ ਦੇ ਮੁਕਾਬਲੇ ਸਮੂਹ ਗੁਰਦੁਆਰਿਆਂ ਵਿੱਚ ਵਿੱਤੀ ਹਾਲਾਤ ਪਹਿਲਾਂ ਨਾਲੋਂ ਕਾਫੀ ਜ਼ਿਆਦਾ ਸੁਧਰੇ ਹਨ। ਐਡਵੋਕੇਟ ਧਾਮੀ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਚੌਗਿਰਦੇ ਨੂੰ ਹੋਰ ਸੁੰਦਰ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਜੋੜਾ ਘਰ ਦੀ ਉਸਾਰੀ ਦਫ਼ਤਰ ਦਾ ਵਿਸਥਾਰ ਅਤੇ ਗੁਰਦੁਆਰਾ ਸਾਹਿਬ ਦੀ ਬਾਹਰੀ ਇਮਾਰਤ ਨੂੰ ਖੁੱਲ੍ਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਬਾਬੇ ਗੁਰੂ-ਘਰਾਂ ਦੀ ਕਾਰ ਸੇਵਾ ਲੈ ਕੇ ਕੰਮ ਨਹੀਂ ਕਰ ਰਹੇ, ਉਨ੍ਹਾਂ ਬਾਰੇ ਠੋਸ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ 9 ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ।
ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਮੰਗਤਿਆਂ ਦੇ ਮੇਲਾ ਖੇਤਰ ਵਿੱਚ ਆਉਣ ਸਬੰਧੀ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਕਰਨ ਦੀ ਬੇਨਤੀ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ ਦੋਨੋਂ ਅੰਤ੍ਰਿਗ ਕਮੇਟੀ ਮੈਂਬਰ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸਰੂਪ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।