ਜਸਵੰਤ ਜੱਸ
ਫ਼ਰੀਦਕੋਟ, 3 ਜੂਨ
ਇੱਕ ਸਾਲ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਵੱਲੋਂ ਕਥਿਤ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਫ਼ਰੀਦਕੋਟ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦੇ ਕੇਸ ਸਬੰਧੀ ਅੱਜ ਪੀੜਤ ਪਰਿਵਾਰ ਨੇ ਇੱਥੇ ਪ੍ਰੈੱਸ ਕਾਨਫਰੰਸ ਕਰ ਕੇ ਕਾਂਗਰਸੀ ਆਗੂਆਂ ’ਤੇ ਗੰਭੀਰ ਦੋਸ਼ ਲਾਏ ਹਨ। ਗੁਰਲਾਲ ਸਿੰਘ ਦੇ ਪਿਤਾ ਸੁਖਚੈਨ ਸਿੰਘ ਭੁੱਲਰ ਨੇ ਕਿਹਾ ਕਿ ਪੜਤਾਲ ਦੌਰਾਨ ਫ਼ਰੀਦਕੋਟ ਦੇ ਸੀਨੀਅਰ ਕਾਂਗਰਸੀ ਆਗੂ ਤੇ ਇੱਕ ਕਾਂਗਰਸੀ ਸਰਪੰਚ ਦੀ ਇਸ ਕਤਲ ਵਿੱਚ ਸ਼ਮੂਲੀਅਤ ਸਾਹਮਣੇ ਆਈ ਸੀ, ਪਰ ਉਸ ਵੇਲੇ ਕਾਂਗਰਸ ਦੀ ਸਰਕਾਰ ਹੋਣ ਕਾਰਨ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹਾ ਪੁਲੀਸ ਨੇ ਕਾਂਗਰਸੀ ਆਗੂਆਂ ਦੇ ਪ੍ਰਭਾਵ ਕਾਰਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਸੁਖਚੈਨ ਸਿੰਘ ਭੁੱਲਰ ਨੇ ਦੋਸ਼ ਲਾਇਆ ਕਿ ਉਸ ਦੇ ਇਕਲੌਤੇ ਲੜਕੇ ਦੇ ਕਤਲ ਦੀ ਸਾਜਿਸ਼ ਕਾਂਗਰਸੀ ਆਗੂਆਂ ਵੱਲੋਂ ਰਚੀ ਗਈ ਸੀ। ਇਸੇ ਕਰ ਕੇ ਸਾਲ ਬੀਤਣ ਤੋਂ ਬਾਅਦ ਵੀ ਕਿਸੇ ਮੁਲਜ਼ਮ ਨੂੰ ਇਸ ਕੇਸ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪੀੜਤ ਪਰਿਵਾਰ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਪੜਤਾਲ ਪੰਜਾਬ-ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਕਰਵਾਉਣਾ ਚਾਹੁੰਦੇ ਹਨ ਤੇ ਇਸ ਬਾਰੇ ਉਹ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕਰਨਗੇ। ਪੀੜਤ ਕਾਂਗਰਸੀ ਆਗੂ ਦੇ ਪਿਤਾ ਨੇ ਐਲਾਨ ਕੀਤਾ ਕਿ ਜੇੇ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਮੁੱਖ ਮੰਤਰੀ ਦਫ਼ਤਰ ਸਾਹਮਣੇ ਜਾਨ ਦੇ ਦੇਣਗੇ।
ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਨੇ ਫਰਵਰੀ 2021 ਵਿੱਚ ਫ਼ਰੀਦਕੋਟ ਸ਼ਹਿਰ ਵਿੱਚ ਗੁਰਲਾਲ ਭਲਵਾਨ ਨੂੰ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਚਾਰ ਦੇ ਕਰੀਬ ਗ੍ਰਿਫ਼ਤਾਰੀਆਂ ਹੋਈਆਂ ਸਨ।