ਜਸਵੰਤ ਜੱਸ
ਫ਼ਰੀਦਕੋਟ, 12 ਮਾਰਚ
ਕਾਂਗਰਸੀ ਆਗੂ ਗੁਰਲਾਲ ਸਿੰਘ ਦੇ ਕਤਲ ਕਾਂਡ ਵਿੱਚ ਫ਼ਰੀਦਕੋਟ ਪੁਲੀਸ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। 18 ਫਰਵਰੀ ਨੂੰ ਗੁਰਲਾਲ ਦੇ ਕਤਲ ਤੋਂ ਬਾਅਦ ਬਿਸ਼ਨੋਈ ਨੇ ਫੇਸਬੁੱਕ ’ਤੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਸਬੰਧੀ ਅੱਜ ਪੁਲੀਸ ਨੇ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰਵਿੰਦਰ ਸਿੰਘ ਸਿੰਧੀਆ ਦੀ ਅਦਾਲਤ ’ਚ ਅਰਜ਼ੀ ਦੇ ਕੇ ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਲਿਆਉਣ ਦੀ ਮੰਗ ਕੀਤੀ। ਅਦਾਲਤ ਨੇ ਪੁਲੀਸ ਦੀ ਅਰਜ਼ੀ ਪ੍ਰਵਾਨ ਕਰਦਿਆਂ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ ਅਤੇ ਉਸ ਨੂੰ 17 ਮਾਰਚ ਤਕ ਫ਼ਰੀਦਕੋਟ ਲਿਆਉਣ ਦੇ ਆਦੇਸ਼ ਦਿੱਤੇ ਹਨ। ਫਿਲਹਾਲ ਉਹ ਅਜਮੇਰ ਜੇਲ੍ਹ ਵਿੱਚ ਨਜ਼ਰਬੰਦ ਹੈ। ਇਸੇ ਤਰ੍ਹਾਂ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਨੌਜਵਾਨ ਗੁਰਵਿੰਦਰ ਸਿੰਘ, ਸੌਰਵ ਵਰਮਾ ਤੇ ਸੁਖਵਿੰਦਰ ਸਿੰਘ ਨੂੰ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 25 ਮਾਰਚ ਤੱਕ ਜੇਲ੍ਹ ਭੇਜਣ ਦਾ ਹੁਕਮ ਦਿੱਤਾ।