ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 17 ਅਪਰੈਲ
ਦਿੱਲੀ ਪੁਲੀਸ ਨੇ ਫ਼ਰੀਦਕੋਟ ਦੇ ਯੂਥ ਕਾਂਗਰਸੀ ਗੁਰਲਾਲ ਸਿੰਘ ਭੁੱਲਰ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੂਚਨਾ ਅਨੁਸਾਰ ਰਾਜਨ ਅਤੇ ਛੋਟੂ ਉਰਫ਼ ਚੀਤਾ ਨਾਮ ਦੇ ਸ਼ੂਟਰਾਂ ਨੇ 18 ਫ਼ਰਵਰੀ ਨੂੰ ਫ਼ਰੀਦਕੋਟ ਵਿੱਚ ਗੁਰਲਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੀ ਅਜਮੇਰ ਜੇਲ੍ਹ ਵਿੱਚ ਨਜ਼ਰਬੰਦ ਲਾਰੈਂਸ ਬਿਸ਼ਨੋਈ ਦੇ ਕਰੀਬੀ ਕਾਲਾ ਜਠੇੜੀ ਦੀ ਹਦਾਇਤ ’ਤੇ ਛੋਟੂ ਅਤੇ ਰਾਜਨ ਨੇ ਯੂਥ ਕਾਂਗਰਸੀ ਆਗੂ ਦਾ ਕਤਲ ਕੀਤਾ ਸੀ। ਫ਼ਰੀਦਕੋਟ ਦੇ ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਪੁਲੀਸ ਤੋਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਨੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਪੁਲੀਸ ਇਸ ਮਾਮਲੇ ਵਿੱਚ ਫੜੇ ਗਏ ਨੌਜਵਾਨਾਂ ਤੋਂ ਪੁੱਛਗਿਛ ਕਰੇਗੀ ਅਤੇ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਫ਼ਰੀਦਕੋਟ ਲਿਆਉਣ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਫ਼ਰੀਦਕੋਟ ਪੁਲੀਸ ਨੇ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਸ਼ੂਟਰਾਂ ਖਿਲਾਫ਼ ਇਸ ਤੋਂ ਪਹਿਲਾਂ ਵੀ ਕਰੀਬ ਦੋ ਦਰਜਨ ਅਪਰਾਧਿਕ ਕੇਸ ਦਰਜ ਹਨ ਅਤੇ ਉਹ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਅਤੇ ਦਿੱਲੀ ਦੀ ਪੁਲੀਸ ਨੂੰ ਲੋੜੀਂਦੇ ਸਨ।