ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 17 ਅਪਰੈਲ
ਦਿੱਲੀ ਪੁਲੀਸ ਨੇ ਫ਼ਰੀਦਕੋਟ ਦੇ ਯੂਥ ਕਾਂਗਰਸੀ ਗੁਰਲਾਲ ਸਿੰਘ ਭੁੱਲਰ ਦੇ ਕਤਲ ਮਾਮਲੇ ਵਿੱਚ ਦਿੱਲੀ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਅਨੁਸਾਰ ਰਾਜਨ ਅਤੇ ਛੋਟੂ ਉਰਫ਼ ਚੀਤਾ ਨੇ 18 ਫਰਵਰੀ ਨੂੰ ਫ਼ਰੀਦਕੋਟ ਵਿੱਚ ਗੁਰਲਾਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੀ ਅਜਮੇਰ ਜੇਲ੍ਹ ਵਿੱਚ ਨਜ਼ਰਬੰਦ ਲਾਰੈਂਸ ਬਿਸ਼ਨੋਈ ਦੇ ਕਰੀਬੀ ਕਾਲਾ ਜਠੇੜੀ ਦੀ ਹਦਾਇਤ ’ਤੇ ਛੋਟੂ ਅਤੇ ਰਾਜਨ ਨੇ ਯੂਥ ਕਾਂਗਰਸੀ ਆਗੂ ਦਾ ਕਤਲ ਕੀਤਾ ਸੀ। ਫ਼ਰੀਦਕੋਟ ਦੇ ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਦਿੱਲੀ ਪੁਲੀਸ ਤੋਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਨੇ ਦੋ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ। ਫਰੀਦਕੋਟ ਪੁਲੀਸ ਕਾਬੂ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕਰੇਗੀ। ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟਾਂ ਰਾਹੀਂ ਫਰੀਦਕੋਟ ਲਿਆਉਣ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।