ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 26 ਮਾਰਚ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਪੰਜਾਬ ਤੇ ਹਰਿਆਣਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦਾ ਤਿੰਨ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਹੋਇਆ। ਉਪ ਕੁਲਪਤੀ ਪ੍ਰੋ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਸਿੱਖੀ ਸਿਧਾਂਤ ਅਤੇ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿੱਚ ਗੁਰਮਤਿ ਸਿੱਖਿਆ ਕੈਂਪਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕਰਦਿਆਂ ਯੂਨੀਵਰਸਿਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦੂਰ ਕਰਨ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਡੀਨ (ਅਕਾਦਮਿਕ ਮਾਮਲੇ) ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਕਾਲਜਾਂ ਦੇ ਪ੍ਰਿੰਸੀਪਲ, ਸਟਾਫ ਅਤੇ ਲੰਗਰ ਤੇ ਰਿਹਾਇਸ਼ ਦੀ ਸੇਵਾ ਲਈ ਗੁਰਦੁਆਰੇ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਮੁਕਾਬਲੇ ਕਰਵਾਏ ਗਏ।