ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਸਤੰਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਗੁਰੂ ਰਾਮਦਾਸ ਦੇ 450 ਸਾਲਾ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਅਤੇ ਸੈਸ਼ਨ 2024-25 ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਸਮੂਹਿਕ ਪਾਠ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਗੁਰਮਤਿ ਮਾਰਚ ਕੱਢਿਆ। ਇਸ ਵਿਚ ਕਾਲਜ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਵੀ ਸ਼ਿਰਕਤ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਗੁਰੂ ਹੀ ਗਿਆਨ ਦਾ ਸੋਮਾ ਹੈ। ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਦੱਸਿਆ ਕਿ ਸਮਾਗਮ ਵਿੱਚ ਮਾਤਾ ਗੁਜਰੀ ਸਟੱਡੀ ਸਰਕਲ, ਐਨ.ਐਸ.ਐਸ, ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਹਰਮਿੰਦਰ ਸਿੰਘ, ਗੁਰਦੁਆਰਾ ਸਾਹਿਬ ਦੇ ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਅਤੇ ਗ੍ਰੰਥੀ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।