ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ/ ਸ੍ਰੀ ਕੀਰਤਪੁਰ ਸਾਹਿਬ, 27 ਅਕਤੂਬਰ
ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗੁਰਿਆਈ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਵੇਰੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਇਆ ਗਿਆ। ਇਸ ਮੌਕੇ ਭਾਈ ਜੁਗਰਾਜ ਸਿੰਘ ਦੇ ਕੀਰਤਨੀ ਜਥੇ ਵੱਲੋਂ ਰਸਭਿੰਨੇ ਸ਼ਬਦ ਕੀਰਤਨਾਂ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਨੇ ਗੁਰਿਆਈ ਦਿਵਸ ਦੀਆਂ ਵਧਾਈਆਂ ਦਿੰਦਿਆਂ ਅੱਜ ਦੇ ਦਿਨ ਕਲਗੀਧਰ ਸ੍ਰੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਬਚਲ ਨਗਰ ਹਜੂਰ ਸਾਹਿਬ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਿਆਈ ਦਿੰਦੇ ਹੋਏ ਸਮੁੱਚੀ ਸਿੱਖ ਕੌਮ ਨੂੰ ਕੇਵਲ ਤੇ ਕੇਵਲ ਗੁਰੂ ਮੰਨਣ ਦਾ ਉਪਦੇਸ਼ ਦਿੱਤਾ ਸੀ। ਇਤਿਹਾਸਕ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ।