ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਅਕਤੂਬਰ
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ ’ਚ ਅਖੰਡ ਪਾਠ ਅਰੰਭ ਕਰ ਦਿੱਤੇ ਗਏ ਹਨ ਤੇ ਇਸ ਨਾਲ ਤਿੰਨ ਦਿਨ ਚੱਲਣ ਵਾਲੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੰਬਈ ਦੀ ਸੰਗਤ ਵਲੋਂ ਫੁੱਲਾਂ ਦੀ ਸੁੰਦਰ ਸਜਾਵਟ ਵੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਆਰੰਭ ਹੋਇਆ, ਜਿਸ ਦਾ ਭੋਗ 22 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਪਾਇਆ ਜਾਵੇਗਾ। ਆਰੰਭਤਾ ਦੀ ਅਰਦਾਸ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪਰੀਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਵੀ ਹਾਜ਼ਰ ਸਨ। ਇਸੇ ਦੌਰਾਨ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣੀ ਸ਼ੁਰੂ ਹੋ ਗਈ ਹੈ। ਪ੍ਰਬੰਧਕਾਂ ਵੱਲੋਂ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੂਬਸੂਰਤ ਸਜਾਵਟ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਮਾਰਗਾਂ ’ਤੇ ਸੁੰਦਰ ਲੜੀਆਂ ਸਜਾਈਆਂ ਗਈਆਂ ਹਨ ਤੇ ਸਵਾਗਤੀ ਗੇਟ ਬਣਾਏ ਗਏ ਹਨ। ਮੁੰਬਈ ਦੀ ਸੰਗਤ ਵਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ, ਦਰਸ਼ਨੀ ਡਿਉਢੀ ਤੇ ਪਰਕਰਮਾ ਆਦਿ ਵਿਚ ਫੁੱਲਾਂ ਦੀ ਸਜਾਵਟ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਗੁਰਪੁਰਬ ਤੋਂ ਪਹਿਲਾਂ ਸਮਾਪਤ ਹੋ ਜਾਵੇਗਾ। ਸਜਾਵਟ ਲਈ ਵੱਖ ਵੱਖ ਕਿਸਮਾਂ ਦੇ ਫੁੱਲਾਂ ਦੀ ਵਰਤੋਂ ਕੀਤੀ ਜਾਵੇਗੀ। 22 ਅਕਤੂਬਰ ਨੂੰ ਮਨਾਏ ਜਾ ਰਹੇ ਗੁਰਪੁਰਬ ਸਮਾਗਮਾਂ ਸਮੇਂ ਜਿਥੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਹਾਜ਼ਰੀਆਂ ਭਰਨਗੇ। 21 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਪੁਰਾਤਨ ਸ਼ਹਿਰ ਦੀ ਚਾਰਦੀਵਾਰੀ ਨਾਲ ਬਣੇ ਰਸਤੇ ਵਿੱਚੋਂ ਲੰਘਦਾ ਹੋਇਆ ਸ੍ਰੀ ਅਕਾਲ ਤਖਤ ਵਿਖੇ ਪੁੱਜ ਕੇ ਸੰਪੰਨ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਭਰਵੀਂ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ।
ਚੀਫ਼ ਖ਼ਾਲਸਾ ਦੀਵਾਨ ਕਰੇਗਾ ਨਗਰ ਕੀਰਤਨ ਦਾ ਸਵਾਗਤ
ਅੰਮ੍ਰਿਤਸਰ (ਪੱਤਰ ਪ੍ਰੇਰਕ) ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਤੇ ਮੈਂਬਰ ਸਾਹਿਬਾਨ ਵੱਲੋਂ ਭਲਕੇ 21 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਕ੍ਰਿਸਿ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ। ਨਗਰ ਕੀਰਤਨ ਦੇ ਸੁਆਗਤ ਵਿੱਚ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸੁਆਗਤੀ ਗੇਟ ਸਜਾਏ ਜਾਣਗੇ ਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਸਨੈਕਸ ਅਤੇ ਚਾਹ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਪ੍ਰਧਾਨ ਨਿਰਮਲ ਸਿੰਘ ਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਚੀਫ਼ ਖ਼ਾਲਸਾ ਦੀਵਾਨ ਦੇ ਸਕੂਲਾਂ ਵਿੱਚ 21 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਤੇ ਗੁਰਪੁਰਬ ਮੌਕੇ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਸਮੇਤ ਸਮੂਹ ਅਦਾਰਿਆਂ ਵਿਚ ਦੀਪਮਾਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।