ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਅਕਤੂਬਰ
ਅੰਮ੍ਰਿਤਸਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ, ਜੋ ਸੰਗਤ ਲਈ ਖਿੱਚ ਦਾ ਕੇਂਦਰ ਬਣੇ ਰਹੇ।
ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਮਗਰੋਂ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰਬਾਣੀ ਤੇ ਕਥਾ ਕੀਰਤਨ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਭੇਟ ਕੀਤੇ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਜੇ ਦੀਵਾਨਾਂ ਦੌਰਾਨ ਜਿੱਥੇ ਅੱਜ ਕਵੀ ਦਰਬਾਰ ਵਿੱਚ ਪੰਥਕ ਕਵੀਆਂ ਨੇ ਗੁਰੂ ਸਾਹਿਬ ਦੇ ਲਾਸਾਨੀ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ, ਉਥੇ ਹੀ ਬੀਤੀ ਰਾਤ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਵਿੱਚ ਰਾਗੀ ਜਥਿਆਂ ਨੇ ਗੁਰੂ ਰਾਮਦਾਸ ਦੀ ਪਾਵਨ ਗੁਰਬਾਣੀ ਵਿੱਚੋਂ ਰਾਗ ਅਧਾਰਤ ਕੀਰਤਨ ਕੀਤਾ ਸੀ। ਇਸ ਮੌਕੇ ਬੀਬੀ ਜਗੀਰ ਕੌਰ, ਗਿਆਨੀ ਜਗਤਾਰ ਸਿੰਘ ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਅਨੁਸਾਰ ਚੱਲਣ ਲਈ ਪ੍ਰੇਰਿਆ।
ਜਥੇਦਾਰ ਵੱਲੋਂ ਪ੍ਰਕਾਸ਼ ਪੁਰਬ ਦੀ ਵਧਾਈ
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਇਕ ਵੀਡਿਓ ਸੁਨੇਹੇ ਰਾਹੀਂ ਉਨ੍ਹਾਂ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅੱਜ ਇਹ ਪੁਰਬ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਦੇ ਵੱਖ ਵੱਖ ਹਿਸਿਆਂ ਅਤੇ ਵਿਦੇਸ਼ਾਂ ਵਿਚ ਵੀ ਸ਼ਰਧਾ ਨਾਲ ਮਨਾਇਆ ਗਿਆ ਹੈ।
ਧਾਰਮਿਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਆ
ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਅੱਵਲ ਆਏ ਬੱਚਿਆਂ ਨੂੰ ਬੀਬੀ ਜਗੀਰ ਕੌਰ ਨੇ ਅੱਜ ਸਨਮਾਨਤ ਕੀਤਾ। ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ ਤੇ ਸਨਮਾਨ ਪੱਤਰ ਦਿੱਤੇ ਗਏ। ਧਾਰਮਿਕ ਮੁਕਾਬਲਿਆਂ ਸਮੇਂ ਕਵੀਸ਼ਰੀ, ਕਵਿਤਾ, ਪੇਂਟਿੰਗ, ਧਾਰਮਿਕ ਲੈਕਚਰ, ਕੁਇਜ਼ ਆਦਿ ਦੇ ਮੁਕਾਬਲੇ ਕਰਵਾਏ ਗਏ ਸਨ।