ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਜੂਨ
ਸੂਬੇ ਅਤੇ ਖਾਸ ਕਰਕੇ ਇਸ ਸ਼ਹਿਰ ਵਿਚ ਕਰੋਨਾ ਦੇ ਵੱਧ ਰਹੇ ਕਹਿਰ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਕਰੋਨਾ ਮਰੀਜ਼ਾਂ ਦਾ ਘਟ ਖਰਚੇ ’ਤੇ ਇਲਾਜ ਕਰਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ (ਗੁਰਦੁਆਰਾ ਸ਼ਹੀਦਾਂ) ਨੇੜੇ ਸਥਾਪਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੂੰ ਕਰੋਨਾ ਦੇ ਇਲਾਜ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਹਸਪਤਾਲ ਵਿਚ ਚਲ ਰਹੀ ਜਨਰਲ ਓਪੀਡੀ ਅਤੇ ਹੋਰ ਸਭ ਕੁਝ ਨੂੰ ਵੱਲਾ ਸਥਿਤ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਇਸ ਹਸਪਤਾਲ ਵਿਚ ਸਿਰਫ ਕਰੋਨਾ ਪੀੜਤ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾਵੇਗਾ। ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਡੀਨ ਡਾ. ਏਪੀ ਸਿੰਘ ਨੇ ਦੱਸਿਆ ਕਿ ਕਰੋਨਾ ਮਰੀਜ਼ਾਂ ਦਾ ਸਸਤੀਆਂ ਦਰਾਂ ’ਤੇ ਇਲਾਜ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰਸਟ ਵਲੋਂ ਇਲਾਜ ਦਾ ਅੱਧਾ ਖਰਚਾ ਆਪਣੇ ਵਲੋਂ ਕੀਤਾ ਜਾਵੇਗਾ ਜਦੋਂਕਿ ਅੱਧਾ ਖਰਚਾ ਮਰੀਜ਼ ਨੂੰ ਕਰਨਾ ਪਵੇਗਾ।