ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਦਸੰਬਰ
ਬਹੁਜਨ ਸਮਾਜ ਪਾਰਟੀ ਦੇ ਅੱਧੀ ਦਰਜਨ ਦੇ ਕਰੀਬ ਬਾਗੀ ਆਗੂ ਭਲਕੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ’ਚ ਸ਼ਾਮਲ ਹੋ ਸਕਦੇ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਤੇ ਚੌਧਰੀ ਨਾਲ ਇਨ੍ਹਾਂ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਸਬੰਧੀ ਸਾਰੀ ਗੱਲਬਾਤ ਹੋ ਚੁੱਕੀ ਹੈ। ਬਸਪਾ ਦੇ ਸੂਬਾਈ ਜਨਰਲ ਸਕੱਤਰ ਰਹੇ ਸੁਖਵਿੰਦਰ ਸਿੰਘ ਕੋਟਲੀ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਕੋਟਲੀ ਨੇ 2012 ਵਿੱਚ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਟਿਕਟ ’ਤੇ ਚੋਣ ਲੜੀ ਸੀ ਤੇ 2014 ’ਚ ਬਸਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਸੀ।