ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਫ਼ਸਲਾਂ ਦਾ ਢੁਕਵਾਂ ਭਾਅ ਨਾ ਦੇਣ ਅਤੇ ਕਿਸਾਨਾਂ ਨੂੰ ਮੰਡੀਆ ਵਿੱਚ ਪ੍ਰੇਸ਼ਾਨ ਕਰਨ ਦੀ ਆਲੋਚਨਾ ਕੀਤੀ ਹੈ। ਸਾਬਕਾ ਸੰਸਦ ਮੈਂਬਰ ਨੇ ਬਿਆਨ ਵਿੱਚ ਕਿਹਾ ਕਿ ਦੋਵਾਂ ਸਰਕਾਰਾਂ ਨੂੰ ਇਸ ਪ੍ਰਤੀ ਜ਼ਿੰਮੇਵਾਰ ਹੁੰਦੇ ਹੋਏ ਦੇਸ਼ ਦੇ ਅੰਨਦਾਨਾ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਵੱਲੋਂ ਇਸ ਪ੍ਰਤੀ ਭਰੋਸਾ ਦਿੱਤਾ ਗਿਆ ਹੈ ਪਰ ਕਿਸਾਨ ਮੰਡੀਆਂ ਵਿੱਚ ਪਿਛਲੇ 15 ਦਿਨ ਤੋਂ ਰੁਲ਼ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਕਿਸਾਨਾਂ ਦੇ ਮਸਲਿਆਂ ਦਾ ਹੱਲ ਸੰਜੀਦਗੀ ਨਾਲ ਕਰਨਾ ਚਾਹੀਦਾ ਹੈ।