ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ ,1 ਅਗਸਤ
ਇੱਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਦਲਿਤਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਮਜ਼ਦੂਰ ਆਗੂਆਂ ’ਤੇ ਪਰਚਾ ਦਰਜ ਕਰਨ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਹਲਕਾ ਸੰਗਰੂਰ ਦੀ ਸਹਿ ਪ੍ਰਧਾਨ ਨਰਿੰਦਰ ਕੌਰ ਭਰਾਜ ਵਿਸੇਸ਼ ਤੌਰ ’ਤੇ ਘਰਾਚੋਂ ਵਿਖੇ ਪਹੁੰਚੇ। ਸ੍ਰੀ ਚੀਮਾ ਨੇ ਦਲਿਤਾਂ ਨਾਲ ਮੁਲਾਕਾਤ ਕਰਕੇ ਕਿਹਾ ਕਿ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਘਰਾਚੋਂ ਵਿਖੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਦਲਿਤਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਬਗ਼ੈਰ ਪੱਖਪਾਤ ਤੋਂ ਸਾਂਝੀ ਖੇਤੀ ਕਰਨ ਲਈ ਸਮੂਹਿਕ ਤੌਰ ’ਤੇ ਮਜ਼ਦੂਰਾਂ ਨੂੰ ਤਰਜੀਹੀ ਆਧਾਰ ’ਤੇ ਪੰਚਾਇਤੀ ਜ਼ਮੀਨ ਦੇਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਲਿਤ ਆਗੂਆਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਦਲਿਤਾਂ ਦੇ ਹਿੱਸੇ ਦੀ ਜ਼ਮੀਨ ਦਲਿਤਾਂ ਨੂੰ ਦਿੱਤੀ ਜਾਵੇ । ਇਸ ਮੌਕੇ ਹਰਦੀਪ ਸਿੰਘ ਤੂਰ, ਗੁਰਵਿੰਦਰ ਸਿੰਘ ਘਰਾਚੋਂ ਤੇ ਦਲਜੀਤ ਸਿੰਘ ਘਰਾਚੋਂ ਹਾਜ਼ਰ ਸਨ। ਇਸੇ ਦੌਰਾਨ ਸ਼ੰਘਰਸ ਕਮੇਟੀ ਦੇ ਆਗੂ ਬਿਕਰਮਜੀਤ ਸਿੰਘ ਹਥੋਆ ਅਤੇ ਗੁਰਚਰਨ ਸਿੰਘ ਘਰਾਚੋਂ ਨੇ ਕਿਹਾ ਕਿ ਉਨ੍ਹਾਂ ਦਾ ਜ਼ਮੀਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ।