ਆਤਿਸ਼ ਗੁਪਤਾ
ਚੰਡੀਗੜ੍ਹ, 23 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨਾਂ ਵਿੱਚ ਅੱਜ ਦਾ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਰਿਹਾ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਬਾਹਰ ਚੱਲ ਰਹੇ ਸੰਘਰਸ਼ਾਂ ਵਿੱਚ ਕੇਸਰੀ ਤੇ ਪੀਲੀਆਂ ਪੱਗਾਂ ਬੰਨ੍ਹ ਕੇ ਅਤੇ ਬੀਬੀਆਂ ਨੇ ਕੇਸਰੀ ਚੁੰਨੀਆਂ ਲੈ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ। ਸੂਬੇ ਦੇ ਨੌਜਵਾਨਾਂ ਨੇ ਵੱਖ-ਵੱਖ ਸ਼ਹਿਰਾਂ ਵਿੱਚ ਮੋਟਰਸਾਈਕਲ ਮਾਰਚ ਕੱਢੇ ਅਤੇ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਸਮਾਗਮ ਕਰਵਾਏ। ਸੂਬੇ ਵਿੱਚ ਕਿਸਾਨ ਸੰਘਰਸ਼ਾਂ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਵੀ ਆਜ਼ਾਦ, ਰਤਨ ਸਿੰਘ ਮਾਨ, ਆਜ਼ਾਦ ਪਲਵਾ, ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਬਣਾਏ ਹਨ, ਜੋ ਕਿਸਾਨ ਵਿਰੋਧੀ ਹਨ। ਨੌਜਵਾਨਾਂ ਨੇ ਫਤਿਆਬਾਦ, ਝੱਜਰ, ਭਿਵਾਨੀ, ਕੈਥਲ, ਪਾਣੀਪਤ, ਯਮੁਨਾਨਗਰ, ਫ਼ਰੀਦਾਬਾਦ, ਅੰਬਾਲਾ ਸਣੇ ਸੂਬੇ ਭਰ ਵਿੱਚ ਮੋਟਰਸਾਈਕਲਾਂ ’ਤੇ ਤਿਰੰਗੇ ਝੰਡੇ ਲਗਾ ਕੇ ਤਿਰੰਗਾ ਮਾਰਚ ਕੱਢੇ।
ਝੱਜਰ ’ਚ ਤਿਰੰਗਾ ਯਾਤਰਾ ਦੌਰਾਨ ਗੋਲੀ ਚੱਲੀ
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਦੇ ਨੌਜਵਾਨਾਂ ਵੱਲੋਂ ਝੱਜਰ ਵਿੱਚ ਕੱਢੀ ਤਿਰੰਗਾ ਯਾਤਰਾ ਦੌਰਾਨ ਨੌਜਵਾਨਾਂ ਦੇ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ ਤੇ ਗੋਲੀ ਚੱਲੀ। ਗੋਲੀ ਲੱਗਣ ਕਰਕੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਝੱਜਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਗੋਲੀ ਚਲਾਉਣ ਵਾਲੇ ਨੌਜਵਾਨ ਦੀ ਭਾਲ ਕਰ ਰਹੀ ਹੈ।