ਚੰਡੀਗੜ੍ਹ, 15 ਮਈ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਸਰਕਾਰ ਨੂੰ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਮੁਜ਼ਾਹਰੇ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ਆਖਿਆ ਹੈ। ਸ੍ਰੀ ਹੁੱਡਾ ਨੇ ਸ਼ਨਿਚਰਵਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ, ‘ਮੁਜ਼ਾਹਰਾਕਾਰੀਆਂ ਵਿੱਚ ਹਜ਼ਾਰਾਂ ਕਿਸਾਨ ਹਰਿਆਣਾ ਦੇ ਹਨ ਅਤੇ ਇਸ ਲਈ ਹਰਿਆਣਾ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ’ਚ ਕੇਂਦਰ ਸਰਕਾਰ ’ਤੇ ਦਬਾਅ ਬਣਾਵੇ।’ ਇੱਥੇ ਇੱਕ ਬਿਆਨ ’ਚ ਉਨ੍ਹਾਂ ਕਿਹਾ, ‘ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਨਾਉਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਸਕੇ।’ ਸ੍ਰੀ ਹੁੱਡਾ ਨੇ ਕੇਂਦਰ ਨੂੰ ‘ਸੰਵੇਦਨਸ਼ੀਲ ਰਵੱਈਆ’ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਉਸ ਦੇ ‘ਨਜ਼ਰਅੰਦਾਜ਼ੀ’ ਵਾਲੇ ਵਤੀਰੇ ਅਤੇ ਕਰੋਨਾ ਮਹਾਮਾਰੀ ਕਾਰਨ ਪੈਦਾ ਸਥਿਤੀ ਕਰਕੇ ਹੁਣ ਤੱਕ 400 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।’ -ਪੀਟੀਆਈ