ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਕਤੂਬਰ
ਸਰਬੱਤ ਖਾਲਸਾ 2015 ਵੱਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਨੌਜਵਾਨ ਸ਼ਕਤੀ ਨੂੰ ਇਕੱਠਿਆਂ ਕਰਨ ਲਈ ‘ਅਕਾਲ ਯੂਥ’ ਨਾਂ ਦੀ ਜਥੇਬੰਦੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਰਸਮੀ ਐਲਾਨ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਮਗਰੋਂ ਕੀਤਾ ਜਾਵੇਗਾ। ਇਹ ਜਾਣਕਾਰੀ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਆਖਿਆ ਕਿ ਇਸ ਜਥੇਬੰਦੀ ਦਾ ਐਲਾਨ 15 ਅਕਤੂਬਰ ਨੂੰ ਕੀਤਾ ਜਾਵੇਗਾ। ਇਸ ਸਬੰਧੀ ਪੰਜ ਸਿੰਘਾਂ ਵੱਲੋਂ ਪਹਿਲਾਂ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕੀਤੀ ਜਾਵੇਗੀ ਅਤੇ ਮਗਰੋਂ ਜਥੇਬੰਦੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ‘ਅਕਾਲ ਯੂਥ’ ਦੀ ਸਥਾਪਨਾ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਧਾਰਮਿਕ ਅਤੇ ਸਿਆਸੀ ਆਗੂ ਕੌਮ ਪ੍ਰਤੀ ਬੇਵਫਾ ਸਾਬਤ ਹੋਏ ਹਨ।