ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਮਈ
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖਾਂ ਦੇ ਕਤਲ ਦੀ ਨਿਖੇਧੀ ਕੀਤੀ ਹੈ। ਹਵਾਰਾ ਕਮੇਟੀ ਦੇ ਆਗੂਆਂ ਅਨੁਸਾਰ ਇੱਕ ਮੁਲਾਕਾਤ ਸਮੇਂ ਭੇਜੇ ਸੁਨੇਹੇ ਵਿੱਚ ਭਾਈ ਹਵਾਰਾ ਨੇ ਕਿਹਾ ਕਿ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲੈਣ ਵਾਲੀ ਕੱਟੜ ਇਸਲਾਮਿਕ ਜਥੇਬੰਦੀ ‘ਇਸਲਾਮਿਕ ਸਟੇਟ ਖੁਰਾਸਾਨ’ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਭਾਰਤ ਵਿੱਚ ਕਈ ਮੌਕਿਆਂ ’ਤੇ ਸਿੱਖਾਂ ਨੇ ਆਪਣੀ ਜਾਨ ਉੱਤੇ ਖੇਡ ਕੇ ਮੁਸਲਮਾਨਾਂ ਦੀਆਂ ਜਾਨਾਂ ਬਚਾਈਆਂ ਹਨ। ਉਨ੍ਹਾਂ ਅੰਤਰਰਾਸ਼ਟਰੀ ਪੱਧਰ ’ਤੇ ਕੰਮ ਕਰਦੀਆਂ ਸਿੱਖ ਜਥੇਬੰਦੀਆਂ ਨੂੰ ਕਿਹਾ ਕਿ ਇਨ੍ਹਾਂ ਕਤਲਾਂ ਖ਼ਿਲਾਫ਼ ਦੁਨੀਆ ਭਰ ਵਿੱਚ ਆਵਾਜ਼ ਬੁਲੰਦ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਸਿੱਖ ਭਾਈਚਾਰੇ ਨਾਲ ਸਬੰਧਤ ਦੋ ਦੁਕਾਨਦਾਰਾਂ ਦੀ 15 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।