ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵਿਰੁੱਧ ਦੋਹਰਾ ਸੰਵਿਧਾਨ ਰੱਖਣ ਸਬੰਧੀ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਵੱਲੋਂ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਚੱਲ ਰਹੀ ਟਰਾਇਲ ਰੋਕਣ ਲਈ ਪਾਰਟੀ ਵੱਲੋਂ ਸੁਪਰੀਮ ਕੋਰਟ ਵਿਚ ਪਾਈ ਸਪੈਸ਼ਲ ਲੀਵ ਪਟੀਸ਼ਨ (ਐੱਸਐਲਪੀ) ਦੀ ਸੁਣਵਾਈ 22 ਸਤੰਬਰ ਨੂੰ ਹੋ ਰਹੀ ਹੈ। ਪਿਛਲੇ ਸਾਲ ਅਗਸਤ ਮਹੀਨੇ ਵਿਚ ਪਾਰਟੀ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਸ ਟਰਾਇਲ ਨੂੰ ਰੱਦ ਕਰਨ ਸਬੰਧੀ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਪਾਰਟੀ ਆਗੂਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਆਖਿਆ ਸੀ ਕਿ ਹੁਸ਼ਿਆਰਪੁਰ ਦੇ ਜੁਡੀਸ਼ਲ ਮੈਜਿਸਟਰੇਟ ਕੋਲ ਪਾਰਟੀ ਆਗੂਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ ਕਰਨ ਲਈ ਲੋੜੀਂਦੇ ਸਬੂਤ ਮੌਜੂਦ ਹਨ। ਇਹ ਮਾਮਲਾ ਜ਼ੇਰੇ ਅਦਾਲਤ ਹੈ ਤੇ ਇਸ ਵਿੱਚ ਅਜੇ ਤੱਕ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ। ਹਾਈ ਕੋਰਟ ਵੱਲੋਂ ਪਟੀਸ਼ਨ ਰੱਦ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੇ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿਚ ਕੇਸ ਦੀ ਸੁਣਵਾਈ ਸ਼ੁਰੂ ਹੋ ਚੁੱਕੀ ਹੈ।