ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 29 ਨਵੰਬਰ
ਈਡੀ ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 3 ਦਸੰਬਰ ਤੱਕ ਅੱਗੇ ਪੈ ਗਈ ਹੈ। ਸ੍ਰੀ ਖਹਿਰਾ ਨੇ ਆਪਣੇ ਵਕੀਲ ਹਰਿੰਦਰਪਾਲ ਸਿੰਘ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਉਹ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ 2 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਸਿੰਗਲਾ ਦੀ ਅਦਾਲਤ ਵਿੱਚ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ 3 ਦਸੰਬਰ ਲਈ ਤੈਅ ਕੀਤੀ ਹੈ।