ਆਤਿਸ਼ ਗੁਪਤਾ
ਚੰਡੀਗੜ੍ਹ, 28 ਅਪਰੈਲ
ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਥੇ ਤਾਪਮਾਨ ਨਿੱਤ ਵਧਦਾ ਜਾ ਰਿਹਾ ਹੈ. ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਹਰਿਆਣਾ ਵਿੱਚ ਸਿਰਸਾ ਸਭ ਤੋਂ ਗਰਮ ਰਿਹਾ, ਜਿੱਥੇ ਦਾ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀ ਸ਼ਿਵਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਗਰਮੀ ਹੋਰ ਵਧ ਸਕਦੀ ਹੈ ਅਤੇ ਤਾਪਮਾਨ 46 ਡਿਗਰੀ ਸੈਲਸੀਅਸ ਨੂੰ ਟੱਪ ਸਕਦਾ ਹੈ।