ਆਤਿਸ਼ ਗੁਪਤਾ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਅਤੇ ਹਰਿਆਣਾ ਦੇ ਕਾਫ਼ੀ ਜ਼ਿਲ੍ਹਿਆਂ ’ਚ ਲੰਘੇ ਦਿਨ ਤੋਂ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਝੋਨੇ, ਨਰਮੇ ਦੀ ਫ਼ਸਲ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਗੜਿਆਂ ਕਾਰਨ ਖੇਤਾਂ ’ਚ ਪੱਕੀ ਹੋਈ ਫ਼ਸਲ ਜ਼ਮੀਨ ’ਤੇ ਵਿਛ ਗਈ ਤੇ ਦੂਜੇ ਪਾਸੇ ਮੰਡੀਆਂ ’ਚ ਝੋਨਾ ਪਾਣੀ ’ਚ ਰੁੜਦਾ ਦਿਖਾਈ ਦਿੱਤਾ। ਪੰਜਾਬ ’ਚ ਗੜਿਆਂ ਕਾਰਨ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ ਜ਼ਿਲ੍ਹਿਆਂ ’ਚ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਹਾਲੀ ’ਚ ਤੇਜ਼ ਮੀਂਹ ਕਾਰਨ ਮੰਡੀਆਂ ’ਚ ਖੁੱਲ੍ਹੇ ਅਸਮਾਨ ਹੇਠ ਪਈ ਫ਼ਸਲ ਡੁੱਬ ਗਈ। ਖੇਤਾਂ ’ਚ ਪੱਕਿਆ ਝੋਨਾ ਵੀ ਪਾਣੀ ’ਚ ਡੁੱਬ ਗਿਆ। ਉੱਧਰ ਤੇਜ਼ ਹਨੇਰੀ ਕਾਰਨ ਵੀ ਫ਼ਸਲਾਂ ਡਿੱਗ ਗਈਆਂ। ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਝੋਨੇ ਦੀ ਵਾਢੀ ਤੇ ਨਰਮੇ ਦੀ ਚੁਗਾਈ ਦਾ ਕੰਮ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਮੰਡੀਆਂ ਵਿੱਚ ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ ਜਿੱਥੇ ਖੁੱਲ੍ਹੇ ਅਸਮਾਨ ਹੇਠ ਫ਼ਸਲ ਪਈ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਵੀ ਡੇਰਾ ਬਾਬਾ ਨਾਨਕ ਵਿਖੇ ਗੜਿਆਂ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਸ੍ਰੀ ਰੰਧਾਵਾਂ ਨੇ ਸੂਬੇ ਦੇ ਗੁਰਦਾਸਪੁਰ ਅਤੇ ਹੋਰਨਾਂ ਥਾਵਾਂ ’ਤੇ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਗੜਿਆਂ ਤੇ ਮੀਂਹ ਕਾਰਨ ਗੁਰਦਾਸਪੁਰ ਜ਼ਿਲ੍ਹੇ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ ਜਿੱਥੇ ਬਾਸਮਤੀ ਦੀ ਫ਼ਸਲ ਪ੍ਰਭਾਵਿਤ ਹੋ ਗਈ। ਫ਼ਸਲ ਦੇ ਨੁਕਸਾਨ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਨੇ ਵੀ ਵਿਸ਼ੇਸ਼ ਤੌਰ ’ਤੇ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ ’ਚ ਮੀਂਹ ਕਾਰਨ ਭਾਰੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਜ ਮੀਂਹ ਕਾਰਨ ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਭਵਾਨੀਗੜ੍ਹ ਅਤੇ ਪਟਿਆਲਾ ਦੀਆਂ ਮੰਡੀਆਂ ’ਚ ਪਏ ਝੋਨੇ ਤੇ ਨਰਮੇ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਉੱਧਰ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੀਂਹ ਅਤੇ ਤੇਜ਼ ਹਨੇਰੀ ਕਾਰਨ ਤਾਪਮਾਨ ਵੀ ਆਮ ਨਾਲੋਂ 7 ਤੋਂ 8 ਡਿਗਰੀ ਹੇਠਾਂ ਡਿੱਗ ਗਿਆ ਹੈ ਜਿਸ ਕਾਰਨ ਠੰਢ ਵੀ ਤੈਅ ਸਮੇਂ ਨਾਲੋਂ ਪਹਿਲਾਂ ਆਉਣ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ, ਫਤਹਿਗੜ੍ਹ ਸਾਹਿਬ ’ਚ ਸਭ ਤੋਂ ਵੱਧ 27 ਐੱਮਐੱਮ ਮੀਂਹ ਦਰਜ ਕੀਤਾ ਹੈ। ਜਦਕਿ ਮੁਹਾਲੀ ਅਤੇ ਰੋਪੜ ’ਚ 24-24 ਅਤੇ ਸੰਗਰੂਰ ’ਚ 18 ਐੱਮਐੱਮ ਮੀਂਹ ਦਰਜ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਮੌਸਮ ਸਾਫ ਰਹੇਗਾ।
ਕੇਂਦਰ ਸਰਕਾਰ ਰਾਹਤ ਪੈਕੇਜ ਜਾਰੀ ਕਰੇ: ਕਿਸਾਨ ਆਗੂ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀਕਲਾਂ, ਜੋਗਿੰਦਰ ਸਿੰਘ ਪਟਿਆਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਝੋਨੇ ਦੀ ਕੁੱਲ ਪੈਦਾਵਾਰ 185 ਲੱਖ ਮੀਟਰਕ ਟਨ ਦੇ ਕਰੀਬ ਹੈ ਜਿਸ ਵਿੱਚੋਂ ਸਿਰਫ਼ 65 ਲੱਖ ਮੀਟਰਕ ਟਨ ਦੇ ਕਰੀਬ ਹੀ ਖਰੀਦ ਹੋ ਸਕੀ ਹੈ ਜਦਕਿ ਰਹਿੰਦੀ ਸਾਰੀ ਫ਼ਸਲ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੀਂਹ ਅਤੇ ਗੜਿਆਂ ਕਾਰਨ 100 ਫ਼ੀਸਦੀ ਫ਼ਸਲਾਂ ਨੁਕਸਾਨੀ ਗਈਆਂ ਹਨ।
ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ: ਚੰਨੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੀਂਹ ਕਾਰਨ ਮੰਡੀਆਂ ’ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਸਬੰਧੀ ਲੋੜੀਂਦੇ ਪ੍ਰਬੰਧ ਕਰ ਲਏ ਜਾਣ। ਉਨ੍ਹਾਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਪਾਣੀ ਭਰਨ ਦੀਆਂ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਕਿਸਾਨਾਂ ਨੂੰ 100 ਫ਼ੀਸਦੀ ਮੁਆਵਜ਼ਾ ਮਿਲੇ: ਸੰਧਵਾਂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ, ਸਗੋਂ ਕਿਸਾਨਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਨਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਅਤੇ ਨਾ ਹੀ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਹੈ। ਸੰਧਵਾਂ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ।
ਮੁੱਖ ਮੰਤਰੀ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਵਾਉਣ: ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਗਵਾਉਣ ਲਈ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਲਈ ਸਮਾਂ ਹੱਦ ਨਿਸ਼ਚਿਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਾਲੇ ਤੱਕ ਇਸ ਸਾਲ ਸਤੰਬਰ ’ਚ ਹੋਈ ਭਾਰੀ ਬਰਸਾਤ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਮਿਲਿਆ। ਇਸ ਲਈ ਗਿਰਾਦਵਰੀ ਸਮੇਂ ਸਿਰ ਮੁਕੰਮਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਦੇ ਨੁਕਸਾਨ ਹੋਣ ’ਤੇ ਵੀ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।