ਸੌਰਵ ਮਲਿਕ
ਚੰਡੀਗੜ੍ਹ, 22 ਨਵੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਉਹ ਸਿਆਸੀ ਬਦਲਾਖੋਰੀ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੇ ਹਨ। ਇਹ ਪਟੀਸ਼ਨ ਨਿਊ ਦੀਪ ਬੱਸ ਸਰਵਿਸ ਦੇ ਭਾਈਵਾਲ ਹਰਦੀਪ ਸਿੰਘ ਢਿੱਲੋਂ ਵੱਲੋਂ ਦਾਇਰ ਕੀਤੀ ਗਈ ਹੈ ਜਿਸ ਵਿਚ ਰੂਟ ਪਰਮਿਟ ਰੱਦ ਕਰਨ ’ਤੇ ਇਤਰਾਜ਼ ਜਤਾਇਆ ਗਿਆ ਹੈ।ਪੰਜਾਬ ਸਰਕਾਰ ਨੇ ਟੈਕਸ ਨਾ ਭਰਨ ਕਾਰਨ ਉਨ੍ਹਾਂ ਦੀ ਬੱਸ ਕੰਪਨੀ ਦੇ ਪਰਮਿਟ ਰੱਦ ਕਰ ਦਿੱਤੇ ਹਨ| ਦੱਸਣਯੋਗ ਹੈ ਕਿ ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਿੰਪੀ ਢਿੱਲੋਂ ਅਤੇ ਰਾਜਾ ਵੜਿੰਗ ਵਿੱਚ ਕਾਫ਼ੀ ਸਮੇਂ ਤੋਂ ਸਿਆਸੀ ਜੰਗ ਚੱਲ ਰਹੀ ਹੈ ਤੇ ਇਸੇ ਅਕਾਲੀ ਆਗੂ ਦੀਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ| ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਬੈਂਚ ਨੇ ਪੰਜਾਬ ਰਾਜ ਅਤੇ ਟਰਾਂਸਪੋਰਟ ਵਿਭਾਗ ਨੂੰ ਵੀ ਨੋਟਿਸ ਜਾਰੀ ਕੀਤਾ ਹੈ।