ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਸਤੰਬਰ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਆਟੇ ਦੀ ਹੋਮ ਡਲਿਵਰੀ ਦੀ ਯੋਜਨਾ ਦੀ ਜਾਂਚ ਕਰਾਉਣ ਲਈ ਕਿਹਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਘਰ-ਘਰ ਆਟਾ ਦੇਣ ਦੀ ਯੋਜਨਾ ਐਲਾਨੀ ਗਈ ਹੈ ਅਤੇ ਇਸ ਸਕੀਮ ਦੀ ਲਾਗਤ ਨਾਲ ਸਰਕਾਰੀ ਖਜ਼ਾਨੇ ’ਤੇ ਪੰਜ ਸੌ ਕਰੋੋੜ ਦਾ ਬੋਝ ਪਵੇਗਾ। ਉਨ੍ਹਾਂ ਲਿਖਿਆ ਕਿ ਇਸ ਸਕੀਮ ਤਹਿਤ ਆਟੇ ਦੀ ਗੁਣਵਤਾ ਜਾਂਚਣ ਤੋਂ ਲਾਭਪਾਤਰੀ ਬੇਵੱਸ ਹੋਵੇਗਾ ਕਿਉਂਕਿ ਖਰਾਬ ਕਣਕ ਦਿੱਤੇ ਜਾਣ ਦੀ ਸੂਰਤ ਵਿਚ ਪਹਿਲਾਂ ਕਣਕ ਦੀ ਗੁਣਵਤਾ ਦਾ ਪਤਾ ਲੱਗ ਜਾਂਦਾ ਸੀ ਪ੍ਰੰਤੂ ਆਟੇ ਵਿਚ ਇਹ ਪਤਾ ਨਹੀਂ ਲੱਗ ਸਕੇਗਾ। ਇਸੇ ਤਰ੍ਹਾਂ ਪੰਜਾਬ ਦੇ 17 ਹਜ਼ਾਰ ਡਿੱਪੂ ਹੋਲਡਰਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜੁਆਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ਦਿੱਲੀ ਹਾਈ ਕੋਰਟ ਦੇ ਦਾਖਲ ਮਗਰੋਂ ਇਸੇ ਤਰ੍ਹਾਂ ਦੀ ਯੋਜਨਾ ਨੂੰ ਰੋਕਣਾ ਪਿਆ ਸੀ।