ਮੁੱਖ ਅੰਸ਼
- ਕਿਸਾਨ ਆਗੂ ਦੀ ਅਗਵਾਈ ਵਿਚ ਸੈਂਕੜੇ ਗੱਡੀਆਂ ਦਾ ਕਾਫਲਾ ਰਵਾਨਾ
- ਰਾਜੇਵਾਲ ਅਤੇ ਪੰਜਾਬ ਨੂੰ ਵੱਡੇ ਭਰਾ ਦੱਸਿਆ
ਡਾ. ਰਾਜਿੰਦਰ ਸਿੰਘ/ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ/ਬਟਾਲਾ, 11 ਜੁਲਾਈ
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਮਾਝਾ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਅੱਜ ਕਿਸਾਨਾਂ ਦਾ ਵੱਡਾ ਕਾਫਲਾ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕੱਢੀ ਗਈ ਜਾਗੋ ਰੈਲੀ ਤਹਿਤ ਦਿੱਲੀ ਦੇ ਕੁੰਡਲੀ ਬਾਰਡਰ ਲਈ ਰਵਾਨਾ ਹੋਇਆ| ਇਸ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਡੀ ਗਿਣਤੀ ਨੌਜਵਾਨਾਂ ਤੇ ਕਿਸਾਨਾਂ ਨੇ ਆਪਣੇ ਵਾਹਨਾਂ ਰਾਹੀਂ ਸ੍ਰੀ ਚੜੂਨੀ ਦੀ ਅਗਵਾਈ ਹੇਠ ਦਿੱਲੀ ਵੱਲ ਚਾਲੇ ਪਾਏ|
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਚੜੂਨੀ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਵਿੱਚ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ, ਸਗੋਂ ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਆਖਿਆ ਕਿ ਉਹ ਅੱਗੇ ਲੱਗਣ ਕਿਉਂਕਿ ਪੰਜਾਬ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਵਸਥਾ ਬਦਲਣ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ, ‘‘ਨਾ ਤਾਂ ਮੈਂ ਕੋਈ ਸਿਆਸੀ ਪਾਰਟੀ ਬਣਾ ਰਿਹਾ ਹਾਂ ਤੇ ਨਾ ਹੀ ਚੋਣ ਲੜ ਰਿਹਾ ਹਾਂ। ਪਿਛਲੇ ਦਿਨੀਂ ਮੈਂ ਜੋ ਵੀ ਕਿਹਾ ਉਹ ਸਿਰਫ ਮੇਰੇ ਵਿਚਾਰ ਸਨ ਨਾ ਕਿ ਫੈਸਲਾ।’’ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਸਿਰਫ ਇਹ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨੂੰ ਮਿਲ ਕੇ ਸੋਚਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਕੋਲ ਕੋਈ ਹੋਰ ਬਦਲ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਕੱਠਾ ਹੋ ਕੇ ਮੌਜੂਦਾ ਹਾਲਾਤ ਨੂੰ ਬਦਲਣਾ ਚਾਹੀਦਾ ਹੈ।
ਇਸ ਮੌਕੇ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ੍ਰੀ ਚੜੂਨੀ ਨੂੰ ਗੁਰਦੁਆਰਾ ਡੇਰਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ। ਸ੍ਰੀ ਚੜੂਨੀ ਨੇ ਆਖਿਆ ਕਿ ਕੇਂਦਰ ਸਰਕਾਰ ਕਿਸਾਨਾਂ ’ਤੇ ਮਾਨਸਿਕ ਤੇ ਆਰਥਿਕ ਤੌਰ ’ਤੇ ਜਿੰਨਾ ਮਰਜੀ ਤਸ਼ੱਦਦ ਕਰ ਲਵੇ ਪਰ ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਪਰਤਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਕਾਫ਼ਲੇ ਲਿਜਾਣ ਦਾ ਮਕਸਦ ਕੇਂਦਰ ਸਰਕਾਰ ਨੂੰ ਇਹ ਦੱਸਣਾ ਹੈ ਕਿ ਕਿਸਾਨ ਅੰਦੋਲਨ ਵਿੱਚ ਕੋਈ ਕਮੀ ਨਹੀਂ ਆਈ ਹੈ ਤੇ ਨਾ ਹੀ ਕਿਸਾਨਾਂ ਦਾ ਜੋਸ਼ ਘਟਿਆ ਹੈ। ਉਨ੍ਹਾਂ ਕਿਹਾ ਕਿ ਇਹ ਜਥਾ ਕੁੰਡਲੀ ਬਾਰਡਰ ਤੱਕ ਜਾਵੇਗਾ ਤੇ ਅੱਜ ਰਾਤ ਦਾ ਪੜਾਅ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦਾ ਦਿੱਲੀ ਬਾਰਡਰ ਤੱਕ ਜਾਣ ਦਾ ਜੋਸ਼ ਆਉਂਦੇ ਦਿਨਾਂ ਵਿੱਚ ਹੋਰ ਵਧੇਗਾ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਬਾਰੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸ੍ਰੀ ਚੜੂਨੀ ਨੇ ਕਿਹਾ ਕਿ ਸ੍ਰੀ ਰਾਜੇਵਾਲ ਤੇ ਪੰਜਾਬ ਉਨ੍ਹਾਂ ਦੇ ਵੱਡੇ ਭਰਾ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਕਿਸਾਨ, ਮਜ਼ਦੂਰ, ਵਪਾਰੀ ਤੇ ਮੁਲਾਜ਼ਮ ਵਰਗ ਸਾਰੇ ਦੁੱਖੀ ਹਨ। ਉਨ੍ਹਾਂ ਦੱਸਿਆ ਕਿ ਆਉਂਦੇ ਸਮੇਂ ਵਿੱਚ ਭਾਜਪਾ ਨੂੰ ਸ਼ੀਸ਼ਾ ਜ਼ਰੂਰ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਾਗੋ ਰੈਲੀ ਵਿੱਚ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਕੇਂਦਰ ਦੀ ਅੰਨ੍ਹੀ ਤੇ ਬੋਲੀ ਸਰਕਾਰ ਨੂੰ ਜਗਾਇਆ ਜਾ ਸਕੇ ਅਤੇ ਮੋਦੀ ਦੀ ਤਾਨਾਸ਼ਾਹੀ ਸਰਕਾਰ ਕਿਸਾਨ ਵਿਰੋਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਹੋਵੇ। ਇਸ ਮੌਕੇ ਜਸਬੀਰ ਸਿੰਘ ਘੁੰਮਣ, ਕਿਸਾਨ ਆਗੂ ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਇੰਜਨੀਅਰ ਸੁਖਦੇਵ ਸਿੰਘ ਧਾਲੀਵਾਲ, ਕਿਸਾਨ ਆਗੂ ਅਜਾਇਬ ਸਿੰਘ ਦਿਓਲ ਆਦਿ ਵੀ ਹਾਜ਼ਰ ਸਨ।
‘ਤੁਸੀਂ ਆਪਣੇ ਵਿੱਚੋਂ ਚੰਗੇ, ਸਾਫ਼-ਸੁਥਰੇ ਉਮੀਦਵਾਰ ਚੁਣੋ’
ਮਾਨਸਰ (ਮਨਪ੍ਰੀਤ ਸਿੰਘ): ਭਾਰਤੀ ਕਿਸਾਨ ਯੂਨੀਅਨ (ਚੜੂਨੀ) ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦਾ ਅੱਜ ਇੱਥੇ ਟੌਲ ਪਲਾਜ਼ਾ ਮਾਨਸਰ ਪਹੁੰਚਣ ’ਤੇ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਬਿਡਿੱਬਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਚੜੂਨੀ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦੇਸ਼ ਦੀ ਜਨਤਾ ਦਾ ਸ਼ੋਸ਼ਣ ਕਰ ਰਿਹਾ ਹੈ ਤੇ ਜਲਦੀ ਹੀ ਉਸ ਦੇ ਹੰਕਾਰ ਦਾ ਘੜਾ ਫੁੱਟੇਗਾ। ਉਨ੍ਹਾਂ ਕਿਹਾ ਕਿ ਜੋ ਹਾਲ ਭਾਜਪਾ ਦਾ ਪੱਛਮੀ ਬੰਗਾਲ ਵਿੱਚ ਹੋਇਆ ਹੈ ਉਹੀ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸੂਬਿਆਂ ’ਚ ਹੋਵੇਗਾ। ਕਿਸਾਨ ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ, ‘‘ਤੁਸੀਂ ਆਪਣੇ ਵਿੱਚੋਂ ਚੰਗੇ, ਸਾਫ਼-ਸੁਥਰੇ ਉਮੀਦਵਾਰ ਚੁਣੋ ਜੋ ਤੁਹਾਡੇ ਲਈ ਲੜ ਰਹੇ ਹਨ ਤਾਂ ਜੋ ਪੰਜਾਬ ਨੂੰ ਇੱਕ ਮਾਡਲ ਵਜੋਂ ਪੇਸ਼ ਕੀਤਾ ਜਾ ਸਕੇ।’’ ਇਸ ਤੋਂ ਇਲਾਵਾ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੋਦੀ ਸਰਕਾਰ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਤੇ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਵਾਲਾ ਕਾਨੂੰਨ ਲਾਗੂ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਇਲਾਕੇ ਦੇ ਲੋਕਾਂ ਨੂੰ ਦਿੱਲੀ ਪੁੱਜਣ ਦਾ ਹੋਕਾ ਦਿੱਤਾ। ਉੱਧਰ, ਹਰਦੀਪ ਸਿੰਘ ਡਬਿਡਿੱਬਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਤੇ ਕਿਸਾਨਾਂ ਦੀ ਜਿੱਤ ਯਕੀਨੀ ਹੈ।