ਜਗਮੋਹਨ ਸਿੰਘ
ਰੂਪਨਗਰ, 6 ਮਈ
ਪੰਜਾਬ ਪੁਲੀਸ ਵੱਲੋਂ ਥਾਣਾ ਸਦਰ ਰੂਪਨਗਰ ਵਿਖੇ ਆਪ ਸੁਪਰੀਮੋ ਕੇਜਰੀਵਾਲ ਵਿਰੁੱਧ ਕੀਤੀਆਂ ਟਿੱਪਣੀਆਂ ਸਬੰਧੀ ਦਰਜ ਕੀਤੇ ਕੇਸ ਵਿੱਚ ਨਾਮਜ਼ਦ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੇਸ ਦੀ ਅਗਲੀ ਸੁਣਵਾਈ ਹੁਣ 4 ਜੁਲਾਈ ਨੂੰ ਹੋਵੇਗੀ। ਉਧਰ ਸ੍ਰੀਮਤੀ ਲਾਂਬਾ ਨੇ ਦਾਅਵਾ ਕੀਤਾ ਕਿ ਉਹ ਹੁਣ ਕੇਸ ਨਹੀਂ ਲੜੇਗੀ ਤੇ ਪੰਜਾਬ ਪੁਲੀਸ ਦੇ ਸਵਾਲਾਂ ਦਾ ਜਵਾਬ ਡਟ ਕੇ ਦੇਵੇਗੀ। ਜੇਕਰ ਪੰਜਾਬ ਪੁਲੀਸ ਉਸ ਨੂੰ ਜੇਲ੍ਹ ਵਿੱਚ ਡੱਕਣਾ ਚਾਹੇ ਤਾਂ ਉਹ ਜੇਲ੍ਹ ਜਾਣ ਤੋਂ ਵੀ ਨਹੀਂ ਡਰੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੇ ਵਕੀਲ ਨੂੰ ਇਹ ਗੱਲ ਆਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੂਰਾ ਜ਼ੋਰ ਆਪਣੇ ਬੌਸ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬੋਲਣ ਵਾਲਿਆਂ ਦੀ ਆਵਾਜ਼ ਬੰਦ ਕਰਨ ’ਤੇ ਲੱਗਿਆ ਹੋਇਆ ਹੈ ਤੇ ਉਨ੍ਹਾਂ ਨੂੰ ਪੰਜਾਬ ਵਿੱਚ ਰੋਜ਼ ਵਾਪਰ ਰਹੀਆਂ ਘਟਨਾਵਾਂ ਦੀ ਰਤਾ ਵੀ ਪ੍ਰਵਾਹ ਨਹੀਂ ਹੈ।