ਪੱਤਰ ਪ੍ਰੇਰਕ
ਬਠਿੰਡਾ, 6 ਅਗਸਤ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਦੇ ਸਮਰਥਨ ਵਿੱਚ ਨਿੱਤਰ ਆਏ ਹਨ। ਉਨ੍ਹਾਂ ਆਖਿਆ ਕਿ ਜੇਕਰ ਭਾਈ ਮੰਡ ਨੂੰ ਕਿਸੇ ਨੇ ਮਾਨਤਾ ਨਹੀਂ ਦਿੱਤੀ ਤਾਂ ਫਿਰ ਪੰਜਾਬ ਸਰਕਾਰ ਦੇ ਵਜ਼ੀਰਾਂ ਨੇ ਚਿੱਠੀ ਕਿਉਂ ਲਿਖੀ ਹੈ। ਉਨ੍ਹਾਂ ਆਖਿਆ ਕਿ ਮੰਤਰੀ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕੀਤੇ ਵਾਅਦੇ ਪੂਰੇ ਨਾ ਕਰ ਸਕਣ ਕਰਕੇ ਆਪਣੇ ਆਹੁਦੇ ਤੋਂ ਅਸਤੀਫਾ ਦੇਣ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਮੰਤਰੀ ਇਹ ਗੱਲ ਮੰਨਦੇ ਹਨ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ’ਤੇ ਬਰਗਾੜੀ ਮੋਰਚਾ ਚੁਕਵਾਉਣ ਗਏ ਸਨ ਤੇ ਉਹ ਵਾਅਦੇ ਪੂਰੇ ਨਹੀਂ ਹੋਏ ਤਾਂ ਫਿਰ ਉਹ ਲੋਕਾਂ ਵਿੱਚ ਕਿਹੜਾ ਮੂੰਹ ਲੈ ਕੇ ਜਾਣਗੇ। ਉਨ੍ਹਾਂ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ 8 ਅਗਸਤ ਨੂੰ ਬਰਗਾੜੀ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਅਤੇ 8 ਅਗਸਤ ਦੇ ਇਕੱਠ ਵਿੱਚ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।