ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਅੱਜ ਇੱਥੇ ਕਿਹਾ ਕਿ ਜੇ ਪਾਰਟੀ ਹਾਈਕਮਾਂਡ ਨੇ ਹੁਕਮ ਦਿੱਤਾ ਤਾਂ ਉਹ 2022 ਵਿੱਚ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਜ਼ਰੂਰ ਲੜਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ। ਫਿਲਹਾਲ ਉਨ੍ਹਾਂ ਦੀ ਡਿਊਟੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਲਾਈ ਗਈ ਹੈ। ਮਿੱਤਲ ਨੇ ਕਿਹਾ ਕਿ ਪਿਛਲੀ ਵਾਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਚੋਣ ਨਾ ਲੜਨ ਦਾ ਹੁਕਮ ਦਿੱਤਾ ਸੀ ਤੇ ਭਵਿੱਖ ’ਚ ਜੇ ਪਾਰਟੀ ਉਨ੍ਹਾਂ ਨੂੰ ਚੋਣ ਲੜਨ ਲਈ ਕਹੇਗੀ ਤਾਂ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਉਮਰ ਸੀਮਾ ਤੈਅ ਕਰਨ ਕਰਕੇ ਮਿੱਤਲ ਪਿਛਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜ ਸਕੇ ਸਨ ਪਰ ਪੰਜਾਬ ਵਿੱਚ ਗਠਜੋੜ ਟੁੱਟਣ ਮਗਰੋਂ ਜੇ ਪਾਰਟੀ ਵੱਲੋਂ ਆਪਣੇ ਕੱਦਾਵਰ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਲਿਆ ਜਾਂਦਾ ਹੈ ਤਾਂ ਮਿੱਤਲ ਮੁੜ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ।