ਪਾਲ ਸਿੰਘ ਨੌਲੀ
ਜਲੰਧਰ, 17 ਅਪਰੈਲ
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਸਿੰਕਜ਼ਾ ਕੱਸਣ ਦੀਆਂ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਰੇਤ ਖਣਨ ਅਤੇ ਅਫ਼ਸਰਾਂ ਦੀਆਂ ਬਦਲੀਆਂ ਕਰਵਾਉਣ ਦੇ ਮਾਮਲੇ ਵਿੱਚ ਚੰਨੀ ਦੇ ਪੁੱਤਰਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਾਲਾਂਕਿ ਈਡੀ ਦੇ ਕਿਸੇ ਵੀ ਅਧਿਕਾਰੀ ਨੇ ਇਸ ਬਾਰੇ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਕੀਤੀ ਹੈ।
ਸੂਤਰਾਂ ਅਨੁਸਾਰ ਈਡੀ ਚੰਨੀ ਦੇ ਮਾਮਲੇ ਨੂੰ ਸਿਰੇ ਤੱਕ ਲਿਜਾਣ ਦੀਆਂ ਤਿਆਰੀਆਂ ਕਰ ਰਹੀ ਹੈ। ਇਸੇ ਕੜੀ ਵਿੱਚ ਈਡੀ ਨੇ ਚੰਨੀ ਕੋਲੋਂ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ ਸੀ।ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਤੇ ਉਸ ਦੇ ਮਿੱਤਰ ਕੁਦਰਤਦੀਪ ਸਿੰਘ ਦੀ ਜ਼ਮਾਨਤ ਦੇ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 20 ਅਪਰੈਲ ਨੂੰ ਹੋਵੇਗੀ। ਪਹਿਲਾਂ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ 16 ਅਪਰੈਲ ਨੂੰ ਹੋਣੀ ਸੀ ਪਰ ਈਡੀ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਇਸ ਬੇਨਤੀ ’ਤੇ ਇਸ ਮਾਮਲੇ ਦੀ ਸੁਣਵਾਈ 20 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਈਡੀ ਨੇ ਚੰਨੀ ਕੋਲੋਂ ਸਵਾਲ ਪੁੱਛਣ ਲਈ ਬਕਾਇਦਾ ਪ੍ਰਸ਼ਨਾਂ ਦੀ ਇੱਕ ਸੂਚੀ ਬਣਾਈ ਗਈ ਸੀ। ਇਨ੍ਹਾਂ ਸਵਾਲਾਂ ਵਿੱਚ ਹੀ ਉਨ੍ਹਾਂ ਕੋਲੋਂ ਪੁੱਛਿਆ ਗਿਆ ਸੀ ਕਿ ਕੀ ਰੇਤ ਮਾਈਨਿੰਗ ਦੇ ਕਾਰੋਬਾਰ ਵਿੱਚ ਉਨ੍ਹਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਹੈ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਦੇ ਮਾਮਲੇ ਵਿੱਚ ਮੋਟੇ ਪੈਸਿਆਂ ਦਾ ਲੈਣ-ਦੇਣ ਹੋਇਆ ਸੀ? ਚੰਨੀ ਦੇ ਭਾਣਜੇ ਵਿਰੁੱਧ ਈਡੀ ਨੇ 31 ਮਾਰਚ ਨੂੰ ਚਾਰਜ਼ਸੀਟ ਪੇਸ਼ ਕੀਤੀ ਸੀ। ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਰੇਤ ਖਣਨ ਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਜਿਸ ਤਰ੍ਹਾਂ ਨਾਲ ਈਡੀ ਦਾ ਰੁਖ ਸਖ਼ਤ ਹੁੰਦਾ ਜਾ ਰਿਹਾ ਹੈ ਉਸ ਤੋਂ ਇਹ ਲੱਗ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।