ਪਰਸ਼ੋਤਮ ਬੱਲੀ
ਬਰਨਾਲਾ, 22 ਸਤੰਬਰ
ਕਿਸਾਨ-ਮਜ਼ਦੂਰ ਮੰਗਾਂ ਸਬੰਧੀ ਭਾਕਿਯੂ (ਏਕਤਾ) ਉਗਰਾਹਾਂ ਵੱਲੋਂ ਦਿੱਤੇ ਗਏ ਸੂਬਾਈ ਸੱਦੇ ’ਤੇ ਅੱਜ ਪੰਜਾਬ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ਧਰਨੇ ਲਾ ਕੇ ਰੇਲਾਂ ਰੋਕੀਆਂ ਗਈਆਂ ਤੇ ਸੂਬਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਥੇ ਬਰਨਾਲਾ ਰੇਲਵੇ ਸਟੇਸ਼ਨ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਵੀ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਲਾਰੇਬਾਜ਼ ਤੇ ਸ਼ੋਸ਼ੇਬਾਜ਼ ਹੀ ਨਿਕਲੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਕਾਰਨ ਬੀਤੇ ਵਰ੍ਹੇ ਤੇ ਐਤਕੀਂ ਕਈ ਜ਼ਿਲ੍ਹਿਆਂ ’ਚ ਤਬਾਹ ਹੋਈ ਨਰਮੇ ਦੀ ਫ਼ਸਲ ਲਈ ਤੈਅ ਕੀਤਾ ਮੁਆਵਜ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ’ਚ ਤੁਰੰਤ ਵੰਡਿਆ ਜਾਵੇ। ਮੀਂਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਤੇ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਅਤੇ ਫਾਜ਼ਿਲਕਾ, ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਗੜੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਐਤਕੀਂ ਵਾਇਰਲ ਰੋਗ ਨਾਲ ਸੌ ਫੀਸਦ ਤੱਕ ਬਰਬਾਦ ਹੋਈ ਗੁਆਰੀ, ਮੂੰਗੀ ਤੇ ਝੋਨੇ ਦੀ ਫ਼ਸਲ ਦੇ ਮੁਆਵਜ਼ੇ ਸਬੰਧੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਔਸਤ ਝਾੜ ਦੇ ਬਰਾਬਰ ਪੂਰਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦਾ ਆਪਣੀ ਜ਼ਮੀਨ ਵਿੱਚੋਂ ਮਿੱਟੀ ਦੇ ਟਿੱਬੇ ਹਟਾ ਕੇ ਪੱਧਰ ਕਰਨ ਤੇ ਇਸਨੂੰ ਸੇਂਜੂ ਬਣਾਉਣ ਦਾ ਜੱਦੀ ਪੁਸ਼ਤੀ ਹੱਕ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ। ਮਜ਼ਦੂਰਾਂ ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕੀਤੀ ਜਾਵੇ ਅਤੇ ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਤੁਰੰਤ ਬੰਦ ਕੀਤੀ ਜਾਵੇ।
ਭਾਰਤ ਮਾਲਾ ਹਾਈਵੇ ਪ੍ਰਾਜੈਕਟ ਲਈ ਜ਼ਮੀਨਾਂ ਦਾ ਕਿਸਾਨਾਂ ਨੂੰ ਮਾਰਕੀਟ ਰੇਟ ਜਮ੍ਹਾਂ 30 ਫ਼ੀਸਦ ਉਜਾੜਾ ਭੱਤਾ ਦਿੱਤਾ ਜਾਵੇ, ਇਸ ਦੇ ਨਾਲ ਹੀ ਖੇਤ ਮਜ਼ਦੂਰਾਂ ਨੂੰ ਵੀ ਰੁਜ਼ਗਾਰ ਉਜਾੜੇ ਦਾ ਮੁਆਵਜ਼ਾ ਦਿੱਤਾ ਜਾਵੇ। ਐੱਮਐੱਸਪੀ ’ਤੇ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਰਹੇ, ਪਰਾਲੀ ਸਾਂਭਣ ਲਈ ਪ੍ਰਤੀ ਕੁਇੰਟਲ ਦੋ ਸੌ ਰੁਪਏ ਬੋਨਸ ਦਿੱਤਾ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦਿੱਤਾ ਜਾਵੇ। ਕੇਂਦਰ ਸਰਕਾਰ ਬਿਜਲੀ ਵੰਡ ਖੇਤਰ ਦੇ ਨਿੱਜੀਕਰਨ ਬਾਰੇ ਤਾਨਾਸ਼ਾਹੀ ਫ਼ੈਸਲਾ ਰੱਦ ਕਰੇ। ਲਖੀਮਪੁਰ ਖੀਰੀ ਮਾਮਲੇ ਦਾ ਸੂਤਰਧਾਰ ਕੇਦਰੀਂ ਮੰਤਰੀ ਬਰਖਾਸਤ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਜਦੋਂ ਤੱਕ ਮੰਨੀਆਂ ਨਹੀਂ ਜਾਣਗੀਆਂ ਉਦੋਂ ਤੱਕ ਸਰਕਾਰਾਂ ਖ਼ਿਲਾਫ਼ ਸੰਘਰਸ਼ ਜਾਰੀ ਰੱਖੇ ਜਾਣਗੇ।
ਖਣਨ ਮਾਮਲਾ: ਕਿਸਾਨਾਂ ਦੇ ਸੰਘਰਸ਼ ਅੱਗੇ ਝੁੱਕਿਆ ਪ੍ਰਸ਼ਾਸਨ
ਮੌੜ ਮੰਡੀ (ਕੁਲਦੀਪ ਭੁੱਲਰ): ਨਾਜਾਇਜ਼ ਖਣਨ ਮਾਮਲੇ ’ਚ ਅੱਜ ਪ੍ਰਸ਼ਾਸਨ ਨੂੰ ਉਸ ਸਮੇਂ ਕਿਸਾਨਾਂ ਦੇ ਏਕੇ ਅੱਗੇ ਝੁਕਣਾ ਪਿਆ, ਜਦੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ’ਚ ਸੈਂਕੜੇ ਕਿਸਾਨਾਂ ਨੇ ਇਥੇ ਬਠਿੰਡਾ-ਦਿੱਲੀ ਰੇਲਵੇ ਮਾਰਗ ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ। ਭਾਵੇਂ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਵਿਰੁੱਧ ਅੱਜ ਪੂਰੇ ਸੂਬੇ ’ਚ ਸੰਕੇਤਕ ਧਰਨਾ ਦਿੱਤਾ ਜਾਣਾ ਸੀ ਪਰ ਸੂਬਾ ਕਮੇਟੀ ਆਗੂ ਝੰਡਾ ਸਿੰਘ ਜੇਠੂਕੇ ਨੇ ਸਟੇਜ ਤੋਂ ਜਦੋਂ ਮੌੜ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ, ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੌੜ ਦੇ ਹਲਕਾ ਵਿਧਾਇਕ ਸੁਖਵੀਰ ਮਾਈਸਰਖਾਨਾ ਵੱਲੋਂ ਕਿਸਾਨਾਂ ’ਤੇ ਕਰਵਾਏ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪੂਰੀ ਤਰ੍ਹਾਂ ਰੇਲਵੇ ਮਾਰਗ ਨੂੰ ਜਾਮ ਕਰ ਦਿੱਤਾ ਤੇ ਇਸ ਦੀ ਭਿਣਕ ਪੈਂਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਇਸ ਮੌਕੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਮੇਟੀ ਆਗੂਆਂ ਨੂੰ ਮੀਟਿੰਗ ਲਈ ਬਠਿੰਡਾ ਬੁਲਾਇਆ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੈਠ ਕੇ ਵਿਧਾਇਕ ਵੱਲੋਂ ਮੌੜ ਅਤੇ ਕੋਟਫ਼ਤਾ ਥਾਣੇ ’ਚ ਦਰਜ ਕਰਵਾਏ ਪਰਚੇ ਨੂੰ ਰੱਦ ਕਰਨ ਲਈ ਸਹਿਮਤੀ ਪ੍ਰਗਟਾਈ। ਜਦੋਂ ਕਿਸਾਨ ਰਸਮੀ ਐਲਾਨ ਨਾਲ ਨਾ ਮੰਨੇ ਤਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਰੇਲਵੇ ਟਰੈਕ ਮੌੜ ’ਤੇ ਲਾਏ ਧਰਨੇ ਦੀ ਸਟੇਜ ਤੋਂ ਕਿਸਾਨਾਂ ਨੂੰ ਭਰੋਸੇ ’ਚ ਲੈਂਦੇ ਹੋਏ ਖਣਨ ਮਾਮਲੇ ਵਿੱਚ ਦਰਜ ਕੀਤੇ ਕੇਸ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਤੇ ਰਹਿੰਦੀ ਕਾਨੂੰਨੀ ਪ੍ਰਕਿਰਿਆ ਨੂੰ ਪੰਜ ਦਿਨਾਂ ਅੰਦਰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਮਗਰੋਂ ਕਿਸਾਨਾਂ ਨੇ ਧਰਨੇ ਨੂੰ ਸਮਾਪਤ ਕਰ ਦਿੱਤਾ।