ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸੂਬੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਬੇਅਦਬੀ ਮਾਮਲਿਆਂ ਦਾ ਨਿਬੇੜਾ ਕਰਨ ਵਿੱਚ ਨਾਕਾਮ ਰਹਿਣ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਸ਼ਬਦੀ ਹਮਲੇ ਕੀਤੇ ਹਨ। ਪਰਗਟ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ‘ਆਪ’ ਆਗੂਆਂ ਵੱਲੋਂ ਬੇਅਦਬੀ ਦੇ ਕੇਸਾਂ ਦਾ ਨਿਬੇੜਾ 24 ਘੰਟਿਆਂ ’ਚ ਕਰ ਕੇ ਇਨਸਾਫ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਅੱਜ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਮੁਕੰਮਲ ਹੋਣ ਤੋਂ ਦੋ ਸਾਲ ਬਾਅਦ ਵੀ ਸੂਬਾ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਚਲਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ। ਦੂਜੇ ਪਾਸੇ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨ ਵਾਲੇ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਸਬੰਧੀ ‘ਆਪ’ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਸਾਬਕਾ ਜਸਟਿਸ ਜੋਰਾ ਸਿੰਘ ਦੀ ਗੱਲ ਸੁਣ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਮੁਲਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਲਈ ਅਦਾਲਤ ਵਿੱਚ ਪੈਰਵੀ ਕੀਤੀ ਸੀ। ਕਾਂਗਰਸੀ ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਤਿੰਨ ਸਰਕਾਰਾਂ ਬਦਲ ਗਈਆਂ ਹਨ ਪਰ ਹਾਲੇ ਤੱਕ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਇਨਸਾਫ਼ ਨਹੀਂ ਮਿਲਿਆ ਹੈ। ਇਸ ਮੌਕੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।