ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 27 ਅਕਤੂਬਰ
ਰਾਜ ਸਭਾ ਮੈਂਬਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਰਹਿੰਦ ਵਿੱਚ ਬਣਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਗਰਾਨ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਹਰਪ੍ਰੀਤ ਸਿੰਘ ਅਤੇ ਮੈਂਬਰ ਐੱਸਸੀ ਅਗਰਵਾਲ ਨਾਲ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ ਜੋ 2 ਹਜ਼ਾਰ ਕਰੋੜ ਦਾ ਜੁਰਮਾਨਾ ਕੀਤਾ ਹੈ, ਉਹ ਪੈਸਾ ਕਿਸੇ ਹੋਰ ਸੂਬੇ ਨੂੰ ਨਹੀਂ ਜਾਣਾ ਸਗੋਂ ਸਰਕਾਰ ਨੂੰ ਇਹ ਕਿਹਾ ਗਿਆ ਹੈ ਕਿ ਇਹ ਪੈਸਾ ਸਰਕਾਰ ਵੱਖਰੇ ਖਾਤੇ ਵਿੱਚ ਰੱਖ ਕੇ ਸਿਰਫ ਵਾਤਾਵਰਨ ਦੀ ਸੁਚੱਜੀ ਸੰਭਾਲ ’ਤੇ ਹੀ ਖਰਚ ਕਰੇ। ਸੰਤ ਸੀਚੇਵਾਲ ਨੇ ਇਹ ਵੀ ਦੱਸਿਆ ਕਿ ਇਹ ਟੀਮ ਪੰਜਾਬ ਵਿੱਚ ਜਿਥੇ ਵੀ ਵਾਤਾਵਰਨ ਦੀ ਸੰਭਾਲ ਲਈ ਕੰਮ ਹੋਣ ਵਾਲੇ ਹਨ, ਦਾ ਦੌਰਾ ਕਰਕੇ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। ਦੀਵਾਲੀ ਮੌਕੇ ਪ੍ਰਦੂਸ਼ਣ ਬੋਰਡ ਵਲੋਂ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਕੀਤੇ ਉਪਰਾਲਿਆਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਅਗਰਵਾਲ ਨੇ ਕਿਹਾ ਕਿ ਸਟਾਫ਼ ਦੀ ਘਾਟ ਹੈ, ਜਿਸ ਬਾਰੇ ਸਰਕਾਰਾਂ ਨੂੰ ਕਿਹਾ ਵੀ ਗਿਆ ਪਰ ਇਸ ਦੇ ਬਾਵਜੂਦ ਪ੍ਰਦੂਸ਼ਣ ਨੂੰ ਕਾਫ਼ੀ ਠੱਲ ਪਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ, ਐੱਸਡੀਐੱੱਮ ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਜੁਗਲ ਕਿਸ਼ੋਰ, ਕਾਰਜਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਆਦਿ ਮੌਜੂਦ ਸਨ।