ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੂਨ
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਧਿਕਾਰਤ ਤੌਰ ਉੱਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ। ਦੂਜੇ ਸਿੱਖ ਗੁਰੂ ਅੰਗਦ ਦੇਵ ਜੀ ਦੇ ਨਾਂ ‘ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।