ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ
ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉਚ ਅਫਸਰਾਂ ਨਾਲ ਇਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਹਦਾਇਤਾਂ ਦਿੱਤੀਆਂ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ 1996 ਅਧੀਨ ਕਿਸੇ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਫਲੈਕਸ ਬੋਰਡ ਸਮੂਹ ਦਫਤਰਾਂ ਅਤੇ ਜਨਤਕ ਥਾਵਾਂ ’ਤੇ 15 ਦਿਨਾਂ ਦੇ ਅੰਦਰ-ਅੰਦਰ ਲਗਾਏ ਜਾਣ। ਜਸਟਿਸ ਸ਼ਰਮਾ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਹੋਣ ਕਾਰਨ ਇਹ ਜਾਣਕਾਰੀ ਨਹੀਂ ਹੈ ਕਿ ਉਹ ਲੋਕ ਨੁਮਾਇੰਦਿਆਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਕਿਸੇ ਵੀ ਸਰਕਾਰੀ ਕੰਪਨੀ ਦੇ ਚੇਅਰਮੈਨ, ਰਾਜ ਜਾਂ ਕੇਂਦਰੀ ਐਕਟ ਅਧੀਨ ਗਠਿਤ ਬੋਰਡਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਵਿਰੁੱਧ ਅਤੇ ਹੋਰ ਨੁਮਾਇੰਦਿਆਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਰੋਕਣ ਲਈ ਲੋਕਪਾਲ ਪੰਜਾਬ ਦਾ ਦਫ਼ਤਰ ਬਹੁਤ ਕਾਰਗਰ ਸਿੱਧ ਹੋ ਸਕਦਾ ਹੈ। ਇਸ ਲਈ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ। ਇਸ ਮਕਸਦ ਲਈ ਸਮੂਹ ਦਫ਼ਤਰਾਂ ਅਤੇ ਜਨਤਕ ਥਾਵਾਂ ’ਤੇ ਲੱਗੇ ਫਲੈਕਸ ਬੋਰਡਾਂ ਨੂੰ ਪੜ੍ਹ ਕੇ ਹੀ ਲੋਕ ਜਾਣਕਾਰੀ ਹਾਸਲ ਕਰਕੇ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ lokpal.punjab.gov.in ਵੈੱਬਸਾਈਟ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਿਵਲ ਸਕੱਤਰੇਤ-2, ਚੰਡੀਗੜ੍ਹ, ਲੋਕਪਾਲ ਪੰਜਾਬ ਦੇ ਦਫ਼ਤਰੀ ਕਮਰਾ ਨੰਬਰ 426/4 ਵਿੱਚ ਵੀ ਸ਼ਿਕਾਇਤ ਭੇਜੀ ਜਾ ਸਕਦੀ ਹੈ।