ਦਵਿੰਦਰ ਪਾਲ
ਚੰਡੀਗੜ੍ਹ, 18 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿੰਜਾਈ ਵਿਭਾਗ ਦੇ ਸਾਬਕਾ ਸਕੱਤਰ ਅਤੇ ਸੇਵਾਮੁਕਤ ਆਈਏਐੱਸ ਅਧਿਕਾਰੀ ਕਾਹਨ ਸਿੰਘ ਪੰਨੂ ਤੋਂ ਲਗਪਗ ਦੋ ਪੜਾਵਾਂ ਵਿੱਚ ਤਿੰਨ ਘੰਟੇ ਪੁੱਛ-ਪੜਤਾਲ ਕੀਤੀ ਗਈ।
ਸ੍ਰੀ ਪੰਨੂ ਨੂੰ ਸਿੰਜਾਈ ਘੁਟਾਲੇ ਦੀ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਸੱਦਿਆ ਗਿਆ ਸੀ। ਵਿਜੀਲੈਂਸ ਸੂਤਰਾਂ ਦਾ ਦੱਸਣਾ ਹੈ ਕਿ ਇਸ ਸੇਵਾਮੁਕਤ ਅਧਿਕਾਰੀ ਪੰਨੂ ਨੇ ਸਪੱਸ਼ਟ ਕੀਤਾ ਕਿ ਸਿੰਜਾਈ ਵਿਭਾਗ ’ਚ ਹੋਏ ਘੁਟਾਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਠੇਕੇਦਾਰ ਗੁਰਿੰਦਰ ਸਿੰਘ ਵੱਲੋਂ ਦਿੱਤੇ ਇਕਬਾਲੀਆ ਬਿਆਨ ਨੂੰ ਵੀ ਗ਼ਲਤ ਕਰਾਰ ਦਿੱਤਾ। ਸ੍ਰੀ ਪੰਨੂ ਨੇ ਖ਼ੁਦ ਨੂੰ ਬੇਕਸੂਰ ਤੇ ਪਾਕ ਦਾਮਨ ਵਾਲਾ ਅਫ਼ਸਰ ਕਰਾਰ ਦਿੱਤਾ। ਇਸ ਸੇਵਾਮੁਕਤ ਅਧਿਕਾਰੀ ਨੇ ਵਿਜੀਲੈਂਸ ਦੇ ਤਫ਼ਤੀਸ਼ੀ ਅਫਸਰਾਂ ਨੂੰ ਕਿਹਾ ਕਿ ਜਦੋਂ ਕੋਈ ਗ਼ਲਤ ਕੰਮ ਹੀ ਨਹੀਂ ਕੀਤਾ ਤਾਂ ਹਰ ਤਰ੍ਹਾਂ ਦੇ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ। ਵਿਜੀਲੈਂਸ ਵੱਲੋਂ ਇਸ ਸਾਬਕਾ ਅਧਿਕਾਰੀ ਤੋਂ ਜੋ ਸਵਾਲ ਪੁੱਛੇ ਗਏ ਉਨ੍ਹਾਂ ਨਾਲ ਸਬੰਧਤ ਦਸਤਾਵੇਜ਼ ਸਿੰਜਾਈ ਵਿਭਾਗ ਤੋਂ ਹਾਸਲ ਕੀਤੇ ਜਾਣੇ ਹਨ। ਵਿਜੀਲੈਂਸ ਵੱਲੋਂ ਸ੍ਰੀ ਪੰਨੂ ਨੂੰ ਸਿੰਜਾਈ ਵਿਭਾਗ ਦਾ ਸਕੱਤਰ ਹੁੰਦੇ ਹੋਏ ਕੀਤੇ ਕੰਮਾਂ ਦਾ ਵਿਸਥਾਰ ਅਤੇ ਭੂਮਿਕਾ ਸਬੰਧੀ ਸਵਾਲ ਕੀਤੇ ਗਏ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਸ੍ਰੀ ਪੰਨੂ ਅੱਜ ਵਿਜੀਲੈਂਸ ਦੀ ਟੀਮ ਅੱਗੇ ਪਹਿਲਾਂ ਦੁਪਹਿਰ 12 ਵਜੇ ਅਤੇ ਫਿਰ ਸ਼ਾਮ ਨੂੰ ਚਾਰ ਵਜੇ ਪੇਸ਼ ਹੋਏ।
ਵਿਜੀਲੈਂਸ ਅਧਿਕਾਰੀਆਂ ਵੱਲੋਂ ਸਿੰਜਾਈ ਵਿਭਾਗ ਦੇ ਸਾਬਕਾ ਸਕੱਤਰ ਤੋਂ ਕੁਝ ਦਸਤਾਵੇਜ਼ ਵੀ ਮੰਗੇ ਗਏ ਹਨ ਤੇ ਕੁਝ ਪ੍ਰਫਾਰਮੇ ਦਿੰਦਿਆਂ ਵਿਸ਼ੇਸ਼ ਜਾਣਕਾਰੀ ਮੁਹੱਈਆ ਕਰਾਉਣ ਲਈ ਵੀ ਕਿਹਾ ਗਿਆ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਪੰਨੂ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਦੀ ਘੋਖ ਕੀਤੀ ਜਾਵੇਗੀ। ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਦੋ ਹੋਰ ਸੇਵਾਮੁਕਤ ਅਧਿਕਾਰੀਆਂ ਸਰਵੇਸ਼ ਕੌਸ਼ਲ ਅਤੇ ਕੇਬੀਐੱਸ ਸਿੱਧੂ ਨੂੰ ਵੀ ਪੁੱਛ-ਪੜਤਾਲ ਲਈ ਤਫਤੀਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਦੇ ਵਿਦੇਸ਼ ਵਿੱਚ ਹੋਣ ਦੇ ਚਰਚੇ ਹਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨਾਂ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਅਤੇ ਦੋਹਾਂ ਦੇ ਨਿੱਜੀ ਸਹਾਇਕਾਂ ਤੋਂ ਪੁੱਛਗਿੱਛ ਤੋਂ ਬਾਅਦ ਸਾਰੇ ਵਿਅਕਤੀਆਂ ਦੇ ਬਿਆਨਾਂ ਅਤੇ ਦਸਤਾਵੇਜ਼ਾਂ ਨੂੰ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਨੇ 17 ਅਗਸਤ 2017 ਨੂੰ ਧਾਰਾ 406, 409, 420, 467, 468, 471, 477, 120 ਬੀ ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਅਤੇ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਮਹੱਤਵਪੂਰਨ ਤੱਥ ਇਹ ਹੈ ਕਿ ਠੇਕੇਦਾਰ ਗੁਰਿੰਦਰ ਸਿੰਘ ਵੱਲੋਂ ਵਿਜੀਲੈਂਸ ਕੋਲ ਇੱਕ ਇਕਬਾਲੀਆ ਬਿਆਨ ਦਰਜ ਕਰਵਾਇਆ ਗਿਆ ਸੀ ਜਿਸ ਠੇਕੇਦਾਰ ਨੇ ਇੱਕ ਸੇਵਾਮੁਕਤ ਅਧਿਕਾਰੀ ਨੂੰ 5.50 ਕਰੋੜ, ਦੂਜੇ ਅਧਿਕਾਰੀ ਨੂੰ 8.50 ਕਰੋੜ, ਇਸੇ ਤਰ੍ਹਾਂ ਸੇਵਾਮੁਕਤ ਅਧਿਕਾਰੀ ਨੂੰ ਸੱਤ ਕਰੋੜ ਰੁਪਏ ਦੀ ਰਿਸ਼ਵਤ ਦੇਣਾ ਮੰਨਿਆ ਸੀ। ਠੇਕੇਦਾਰ ਨੇ ਰਿਸ਼ਵਤ ਦੇਣ ਦਾ ਕਾਰਨ ਵਿਭਾਗ ਤੋਂ ਬਿੱਲ ਪਾਸ ਕਰਾਉਣਾ, ਕੰਮ ਅਲਾਟ ਕਰਾਉਣ ਅਤੇ ਮਸ਼ੀਨਾਂ ਦੀ ਖ਼ਰੀਦ ਆਦਿ ਵਿੱਚ ਦੇਣ ਦੀ ਗੱਲ ਕਬੂਲ ਕੀਤੀ ਸੀ। ਠੇਕੇਦਾਰ ਵੱਲੋਂ ਦੋ ਸਾਬਕਾ ਮੰਤਰੀਆਂ ਅਤੇ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੂੰ ਵੀ ਮੋਟਾ ਗੱਫਾ ਦੇਣ ਦਾ ਖੁਲਾਸਾ ਵੀ ਕੀਤਾ ਸੀ। ਇਸ ਦਸਤਾਵੇਜ਼ ’ਚ ਇੱਕ ਮੰਤਰੀ ਦੇ ਪੀਏ ਨੂੰ 2.50 ਕਰੋੜ ਰੁਪਏ ਤੇ ਸਾਬਕਾ ਮੰਤਰੀ ਨੂੰ 7 ਕਰੋੜ 35 ਲੱਖ ਰੁਪਏ ਦੇਣ ਦਾ ਇਕਬਾਲ ਕੀਤਾ ਹੈ।