ਸੰਜੀਵ ਤੇਜਪਾਲ
ਮੋਰਿੰਡਾ, 11 ਫਰਵਰੀ
ਇਥੇ ਕ੍ਰਿਸ਼ਨਾ ਮੰਡੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਪਿੰਡ ਘੜੂੰਆਂ ਨੂੰ ਸਬ-ਡਵੀਜ਼ਨ ਤੇ ਨਗਰ ਪੰਚਾਇਤ ਦਾ ਦਰਜਾ ਦੇਣ ਅਤੇ ਮੋਰਿੰਡਾ ਸ਼ਹਿਰ ਵਿੱਚ ਚੱਲ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਸੂਬੇ ਵਿੱਚ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਫਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਕਾਂਗਰਸ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਅਗਲੇ 5 ਸਾਲਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਪ੍ਰੰਤੂ ਹੁਣ ਇਸ ਨੂੰ ਅਮਲੀਜਾਮਾ ਪਹਿਨਾਉਣ ਲਈ 20 ਫਰਵਰੀ ਨੂੰ ਇੱਕ-ਇੱਕ ਵੋਟ ਕਾਂਗਰਸ ਦੇ ਪੱਖ ਵਿੱਚ ਭੁਗਤਾ ਕੇ ਆਪਣਾ ਫਰਜ਼ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਆਮ ਆਦਮੀ ਪਾਰਟੀ ਦਾ ਕਾਫੀ ਰੌਲਾ ਪੈ ਰਿਹਾ ਹੈ ਪ੍ਰੰਤੂ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਸੂਬੇ ਵਿੱਚ ਕਾਂਗਰਸ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਸਮੂਹ ਵੋਟਰਾਂ ਨੂੰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਾਂਗਰਸ ਦੇ ਪੱਖ ’ਚ ਕਰਨੀ ਚਾਹੀਦੀ ਹੈ। ਯੋਗਰਾਜ ਸਿੰਘ ਨੇ ਕਿਹਾ ਕਿ ਹੁਣ ਹਲਕੇ ਦੇ ਵੋਟਰਾਂ ਨੇ ਤੈਅ ਕਰਨਾ ਹੈ ਕਿ ਉਨ੍ਹਾਂ ਨੇ ਇੱਕ ਵਿਧਾਇਕ ਬਣਾਉਣਾ ਹੈ ਜਾਂ ਮੁੱਖ ਮੰਤਰੀ।
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੋਰਿੰਡਾ ਦੇ ਸੀਵਰੇਜ ਲਈ 70 ਕਰੋੜ ਰੁਪਏ ਖਰਚੇ ਜਾ ਰਹੇ ਹਨ, ਸ਼ਹਿਰ ਨੂੰ ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲਾ ਪਾਣੀ ਦੇਣ ਦੇ ਪ੍ਰਾਜੈਕਟ, ਕਮਿਊਨਿਟੀ ਸੈਂਟਰ, ਸੜਕਾਂ ਤੇ ਅੰਡਰ ਬ੍ਰਿਜ ਸਮੇਤ 150 ਕਰੋੜ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ। ਜਦਕਿ ਪੂਰੇ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ 1000 ਕਰੋੜ ਰੁਪਏ ਦੀਆਂ ਗ੍ਰਾਂਟਾਂ ਨਾਲ ਹਰ ਪਿੰਡ ਕਸਬੇ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਇਸ ਮੌਕੇ ਸ੍ਰੀ ਚੰਨੀ ਵਲੋਂ ਖਰੜ ਤੋਂ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਨੂੰ ਜਿਤਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਮਨਮੋਹਨ ਸਿੰਘ, ਭਾਗ ਸਿੰਘ ਚੇਅਰਮੈਨ ਐੱਸ.ਸੀ. ਕਾਰਪੋਰੇਸ਼ਨ, ਸ਼ੇਖਰ ਸ਼ੁਕਲਾ ਚੇਅਰਮੈਨ ਐੱਸ.ਐੱਸ. ਬੋਰਡ, ਪ੍ਰਤਿਭਾ ਰਾਜਵੰਸ਼ ਮੱਧ ਪ੍ਰਦੇਸ਼, ਰਵਿੰਦਰ ਸਿੰਘ ਨਾਗੀ ਸਾਬਕਾ ਕਮਿਸ਼ਨਰ, ਹਰੀਪਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਆਦਿ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਹਾਜ਼ਰ ਸਨ।