ਜੋਗਿੰਦਰ ਸਿੰਘ ਮਾਨ
ਮਾਨਸਾ, 23 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਹਿਪਾਠੀ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਅੱਜ ਸਪੱਸ਼ਟ ਕੀਤਾ ਕਿ ਉਹ ਇਸ ਵਾਰ ਪੰਜਾਬ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਘਰੇਲੂ ਕਾਰਨਾਂ ਕਰਕੇ ਚੋਣ ਨਹੀਂ ਲੜਨਗੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਉਨ੍ਹਾਂ ਨੂੂੰ ਹਮੇਸ਼ਾ ਅਣਗੌਲਿਆ ਕੀਤਾ, ਜਿਸ ਕਾਰਨ ਅਖੀਰ ਉਨ੍ਹਾਂ ਬਿਨਾਂ ਸ਼ਰਤ ਭਾਜਪਾ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ’ਚ ਸੀਨੀਅਰ ਅਹੁਦਿਆਂ ’ਤੇ ਰਹਿੰਦਿਆਂ ਵੀ ਉਹ ਇਕ ਸਾਧਾਰਨ ਵਰਕਰ ਵਾਂਗ ਵਿਚਰਦੇ ਰਹੇ। ਸ੍ਰੀ ਨਕੱਈ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਸੇ ਦਿਨ ਤੋਂ ਹੀ ਉਨ੍ਹਾਂ ਦੇ ਮਾਨਸਾ ਜਾਂ ਮੌੜ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨ ਦੀਆਂ ਕਿਆਸਰਾਈਆਂ ਲੱਗ ਰਹੀਆਂ ਸਨ।
ਉਨ੍ਹਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਨਵੰਬਰ ਮਹੀਨੇ ਵਿਧਾਨ ਸਭਾ ਹਲਕਾ ਮੌੜ ਅਤੇ ਮਾਨਸਾ ਸਬੰਧੀ ਵਿਉਂਤਬੰਦੀ ਬਣਾਉਣ ਬਾਰੇ ਆਖਿਆ ਸੀ ਪਰ ਮਹੀਨਾ ਭਰ ਉਡੀਕਣ ਦੇ ਬਾਵਜੂਦ ਕੋਈ ਜੁਆਬ ਨਹੀਂ ਆਇਆ। ਸ੍ਰੀ ਨਕੱਈ ਨੇ ਆਖਿਆ ਕਿ ਉਨ੍ਹਾਂ ਦੇ ਪਿਤਾ ਮਰਹੂਮ ਬਲਵਿੰਦਰ ਸਿੰਘ ਨਕੱਈ ਦੇ ਅਚਨਚੇਤ ਦੇਹਾਂਤ ਕਾਰਨ ਪਰਿਵਾਰਕ ਜ਼ਿੰਮੇਵਾਰੀਆਂ ਵਧ ਗਈਆਂ ਹਨ ਤੇ ਉਨ੍ਹਾਂ ਦੀ ਸਿਹਤ ਵੀ ਇਜਾਜ਼ਤ ਨਹੀਂ ਦਿੰਦੀ, ਜਿਸ ਕਾਰਨ ਉਨ੍ਹਾਂ ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖ਼ਾਵਤ ਤੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਆਪਣੇ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ।