ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 31 ਜੁਲਾਈ
ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੇ ਅੱਜ ਗੈਂਗਸਟਰ ਰਣਬੀਰ ਸਿੰਘ ਉਰਫ਼ ਰਾਣਾ ਕੰਦੋਵਾਲੀਆ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੁਲੀਸ ਰਿਮਾਂਡ ਪ੍ਰਾਪਤ ਕਰਕੇ ਉਸ ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲੈ ਲਿਆ ਹੈ। ਗੈਂਗਸਟਰ ਰਾਣਾ ਕੰਦੋਵਾਲੀਆ ਦਾ ਪਿਛਲੇ ਸਾਲ ਅਗਸਤ ਮਹੀਨੇ ਵਿਚ ਇਥੇ ਇਕ ਨਿੱਜੀ ਹਸਪਤਾਲ ਵਿਚ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ ਇਥੇ ਆਪਣੇ ਇਕ ਰਿਸ਼ਤੇਦਾਰ ਦਾ ਹਾਲ-ਚਾਲ ਪੁੱਛਣ ਆਇਆ ਸੀ। ਉਸ ਦੇ ਕਤਲ ਦੀ ਜ਼ਿੰਮਵਾਰੀ ਜੱਗੂ ਭਗਵਾਨਪੁਰੀਆ ਨੇ ਲਈ ਸੀ। ਇਸ ਮਗਰੋਂ ਪੁਲੀਸ ਨੇ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੋਵਾਂ ਨੂੰ ਨਾਮਜ਼ਦ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਲਾਰੈਂਸ ਬਿਸ਼ਨੋਈ ਕੋਲੋਂ ਪੁੱਛ-ਪੜਤਾਲ ਕਰ ਚੁੱਕੀ ਹੈ। ਜੱਗੂ ਭਗਵਾਨਪੁਰੀਆ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਪੁਸ਼ਟੀ ਪੁਲੀਸ ਦੇ ਡਿਪਟੀ ਕਮਿਸ਼ਨਰ ਮੁਖਵਿੰਦਰ ਸਿੰਘ ਭੁੱਲਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਗਵਾਨਪੁਰੀਆ ਨੂੰ ਅੱਜ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਸੀ, ਜਿੱਥੋਂ ਅਦਾਲਤ ਨੇ ਉਸ ਨੂੰ ਦੱਸ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਇਸ ਮਾਮਲੇ ਵਿਚ ਹਾਈ ਕੋਰਟ ਤੋਂ ਸਟੇਅ ਪ੍ਰਾਪਤ ਕਰ ਲਈ ਸੀ। ਉਸ ਨੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਪੁਲੀਸ ਪੁੱਛ-ਪੜਤਾਲ ਦੇ ਬਹਾਨੇ ਉਸ ਨੂੰ ਝੂਠੇ ਮੁਕਾਬਲੇ ਵਿਚ ਮਾਰ ਸਕਦੀ ਹੈ। ਪੁਲੀਸ ਸੂਤਰਾਂ ਮੁਤਾਬਕ ਹਾਈ ਕੋਰਟ ਵੱਲੋਂ ਜਾਰੀ ਸਟੇਅ ਖਤਮ ਹੋਣ ਮਗਰੋਂ ਉਸ ਨੂੰ ਹਿਰਾਸਤ ’ਚ ਲਿਆ ਗਿਆ ਹੈ। ਏਸੀਪੀ ਵੀਰੇਂਦਰ ਸਿੰਘ ਨੇ ਦੱਸਿਆ ਕਿ ਜੱਗੂ ਨੂੰ ਗੁਰਦਾਸਪੁਰ ਤੋਂ ਲਿਆ ਕੇ ਇੱਥੋਂ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੋਂ ਅਦਾਲਤ ਨੇ ਉਸ ਨੂੰ ਰਿਮਾਂਡ ’ਤੇ ਭੇਜ ਦਿੱਤਾ ਹੈ।