ਚਰਨਜੀਤ ਭੁੱਲਰ
ਚੰਡੀਗੜ੍ਹ, 12 ਸਤੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜੇਲ੍ਹ ਭਰੋ ਅੰਦੋਲਨ ਦੇ ਸੱਤਵੇਂ ਦਿਨ ਅੱਜ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਖ਼ਬਰਦਾਰ ਕੀਤਾ ਕਿ ਜੇਕਰ ਖੇਤੀ ਆਰਡੀਨੈਂਸ ਵਾਪਸ ਨਾ ਲਏ ਗਏ ਤਾਂ ਪੰਜਾਬ ਵਿਚ ਅਸ਼ਾਂਤੀ ਫੈਲ ਸਕਦੀ ਹੈ। ਹੁਣ ਅੰਮ੍ਰਿਤਸਰ, ਤਰਨ ਤਾਰਨ ਅਤੇ ਫਿਰੋਜ਼ਪੁਰ ਵਿਚ ਕਿਸਾਨਾਂ ਵੱਲੋਂ ਇਕੱਠ ਕੀਤੇ ਜਾ ਰਹੇ ਹਨ। ਸੰਘਰਸ਼ ਕਮੇਟੀ ਨੇ ਛੇ ਦੀ ਬਜਾਏ ਹੁਣ ਤਿੰਨ ਜ਼ਿਲ੍ਹਿਆਂ ਵਿੱਚ ਮੋਰਚਾ ਭਖਾ ਲਿਆ ਹੈ। ਭਲਕੇ ਸੋਮਵਾਰ ਨੂੰ ਹਰੀਕੇ ਹੈੱਡ, ਬਿਆਸ ਪੁਲ ਅਤੇ ਟਾਂਡਾ ਹਰਗੋਬਿੰਦਪੁਰ ਪੁਲ ’ਤੇ ਸੰਕੇਤਕ ਰੂਪ ਵਿਚ ਜਾਮ ਲਾਏ ਜਾ ਰਹੇ ਹਨ ਜਿਨ੍ਹਾਂ ਦੀਆਂ ਤਿਆਰੀਆਂ ਨੂੰ ਅੱਜ ਅੰਤਿਮ ਛੋਹਾਂ ਦਿੱਤੀਆਂ ਗਈਆਂ। ਕਿਸਾਨ-ਮਜ਼ਦੂਰ ਆਗੂਆਂ ਨੇ ਕਿਹਾ,‘‘ਸੁਖਬੀਰ ਸਿੰਘ ਬਾਦਲ ਮਗਰਮੱਛ ਦੇ ਹੰਝੂ ਨਾ ਵਹਾਉਣ ਅਤੇ ਆਰਡੀਨੈਂਸਾਂ ਨੂੰ ਰੱਦ ਕਰ ਕੇ ਫੌਰੀ ਕੇਂਦਰ ਦੀ ਮੋਦੀ ਸਰਕਾਰ ’ਚੋਂ ਬਾਹਰ ਆਉਣ ਦਾ ਐਲਾਨ ਕਰਨ।’’