ਖੇਤਰੀ ਪ੍ਰਤੀਨਿਧ
ਪਟਿਆਲਾ, 18 ਮਈ
ਕਿਸਾਨੀ ਮੰਗਾਂ ਮੰਨਵਾਉਣ ਲਈ ਸ਼ੰਭੂ ਬਾਰਡਰ ’ਤੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਲਾਈਨ ’ਤੇ ਧਰਨੇ ਜਾਰੀ ਹਨ। ਅੱਜ ਧਰਨਿਆਂ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰ ਕੇ ਭਾਜਪਾ ਦੇ ਸੂਬਾਈ ਪ੍ਰਧਾਨ ਜਾਖੜ ਅਤੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਬਿਆਨਾਂ ਸਮੇਤ ਕਿਸਾਨਾਂ ’ਤੇ ਹਮਲਿਆਂ ਦੀ ਨਿਖੇਧੀ ਕੀਤੀ। ਮੀਟਿੰਗ ਵਿੱਚ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਘੁਮਾਣਾ, ਜਸਵਿੰਦਰ ਲੌਂਗੋਵਾਲ, ਅਮਰਜੀਤ ਮੋਹੜੀ ਤੇ ਜੰਗ ਸਿੰਘ ਭਟੇੜੀ ਆਦਿ ਹਾਜ਼ਰ ਸਨ। ਮੀਟਿੰਗ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਾਰੋਬਾਰੀਆਂ ਵੱਲੋਂ ਦਿੱਤਾ ਗਿਆ ਬਿਆਨ ਉਨ੍ਹਾਂ ਦਾ ਹੱਕ ਹੈ, ਪਰ ਕਿਸਾਨਾਂ ਦਾ ਸਵਾਲ ਅਜੇ ਵੀ ਉਹੀ ਹੈ ਕਿ ਹਰਿਆਣਾ ਸਰਕਾਰ ਗ੍ਰਿਫ਼ਤਾਰ ਕਿਸਾਨਾਂ ਨੂੰ ਕਦੋਂ ਰਿਹਾਅ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਅਤੇ ਰਣਜੀਤ ਬਹਿਰਾਮ ਨੰਗਲ ਵੱਲੋਂ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਦੀ ਜੋ ਸਾਜ਼ਿਸ਼ ਰਚੀ ਗਈ ਹੈ, ਇਹ ਭਾਜਪਾ ਦੀ ਬੁਖਲਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ’ਤੇ ਹਮਲਾ ਕਰਨ ਵਾਲੇ ਆਰਐੱਸਐੱਸ ਜਾਂ ਭਾਜਪਾ ਦੇ ਵਿਅਕਤੀ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਹਮੇਸ਼ਾਂ ਵਪਾਰੀਆਂ ਦੇ ਨਾਲ ਹਨ ਕਿਉਂਕਿ ਕਿਸਾਨ ਭਾਰਤ ਵਿੱਚ ਡਬਲਯੂ.ਟੀ.ਓ ਦੀਆਂ ਨੀਤੀਆਂ ਤੇ ਜੀਐੱਸਟੀ ਦੇ ਵਿਰੁੱਧ ਹਨ। ਸ੍ਰ੍ਰੀ ਪੰਧੇਰ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਧਰਨਿਆਂ ਕਾਰਨ ਹੋਏ ਨੁਕਸਾਨ ਨੂੰ ਦਿਖਾ ਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰੇ।