ਸ਼ਸ਼ੀ ਪਾਲ ਜੈਨ/ਦਰਸ਼ਨ ਸੋਢੀ
ਖਰੜ/ਐੱਸਏਐੱਸ ਨਗਰ (ਮੁਹਾਲੀ), 10 ਜੁਲਾਈ
ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਲਾਕੇ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਤੇ ਮੀਂਹ ਕਾਰਨ ਨੁਕਸਾਨੀਆਂ ਇਮਾਰਤਾਂ ਦੇ ਮਾਲਕਾਂ ਨਾਲ ਗੱਲਬਾਤ ਵੀ ਕੀਤੀ। ਸ੍ਰੀ ਜਾਖੜ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਿ੍ਹਾਂ ਇਲਾਕਿਆਂ ਵਿੱਚ ਪਾਣੀ ਭਰਿਆ ਹੋਇਆ ਹੈ, ਉਥੇ ਜੇਸੀਬੀ ਦੀ ਮਦਦ ਨਾਲ ਪਾਣੀ ਕਢਵਾਇਆ ਜਾਵੇ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਭਾਜਪਾ ਇਲਾਕੇ ਦੇ ਵਸਨੀਕ ਨਾਲ ਖੜ੍ਹੀ ਹੈ ਤੇ ਹਰ ਵੇਲੇ ਮਦਦ ਲਈ ਹਾਜ਼ਰ ਹੈ। ਇਸ ਮਗਰੋਂ ਸ੍ਰੀ ਜਾਖੜ ਨੇ ਮੁਹਾਲੀ ਜ਼ਿਲ੍ਹੇ ਵਿੱਚ ਪ੍ਰਭਾਵਿਤ ਇਲਾਕਿਆਂ ਦਾ ਵੀ ਤੂਫਾਨੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਫੋਨ ’ਤੇ ਗੱਲ ਕਰਕੇ ਪੀੜਤਾਂ ਦੀ ਫੌਰੀ ਮਦਦ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਕਾਂਗੜ, ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ, ਸੀਨੀਅਰ ਆਗੂ ਕਮਲਦੀਪ ਸਿੰਘ ਸੈਣੀ, ਸੁਖਵਿੰਦਰ ਸਿੰਘ ਗੋਲਡੀ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਨਰਿੰਦਰ ਰਾਣਾ, ਪਵਨ ਮਨੋਚਾ ਤੇ ਹਰਦੇਵ ਸਿੰਘ ਉਭਾ ਵੀ ਮੌਜੂਦ ਸਨ।