ਰਮੇਸ਼ ਭਾਰਦਵਾਜ
ਲਹਿਰਾਗਾਗਾ, 9 ਜਨਵਰੀ
ਨੇੜਲੇ ਪਿੰਡ ਜਲੂਰ ਵਿਚ ਅੱਜ ਜਲੂਰ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਮੀਨੀ ਘੋਲ ਦੀ ਸ਼ਹੀਦ ਮਾਤਾ ਗੁਰਦੇਵ ਕੌਰ ਦੇ ਪੰਜਵੇਂ ਸ਼ਰਧਾਂਜਲੀ ਸਮਾਗਮ ਮੌਕੇ ਜ਼ਮੀਨੀ ਘੋਲ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ। ਸ਼ਰਧਾਂਜਲੀ ਭੇਟ ਕਰਨ ਆਏ ਸੰਘਰਸ਼ਸ਼ੀਲ ਲੋਕਾਂ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਜ਼ਮੀਨੀ ਸੰਘਰਸ਼ ਲਈ ਕੁਰਬਾਨੀਆਂ ਅਤੇ ਸਬਰ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੱਥੇ ਦਲਿਤਾਂ ਵੱਲੋਂ ਪੰਚਾਇਤੀ ਜ਼ਮੀਨ ਦੇ ਤੀਜੇ ਹਿੱਸੇ ਦੀ ਪ੍ਰਾਪਤੀ ਲਈ ਜ਼ਮੀਨਾਂ ਦੇ ਮਾਲਕੀ ਹੱਕ ਅਤੇ ਪਲਾਟਾਂ ਦੀ ਲੜਾਈ ਲੜੀ ਜਾ ਰਹੀ ਹੈ ਉੱਥੇ ਹੀ ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ ਵੱਲ ਘੋਲ ਨੂੰ ਸੇਧਿਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀ ਏਕਤਾ ਨਾਲ ਹੀ ਫਾਸ਼ੀਵਾਦੀ ਸਰਕਾਰਾਂ ਦੇ ਮੂੰਹ ਮੋੜੇ ਜਾ ਸਕਦੇ ਹਨ। ਇਸ ਮੌਕੇ ਜਲੂਰ ਜਬਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਦੋ ਮਤਿਆਂ ਰਾਹੀਂ ਪਿੰਡ ਸ਼ਾਦੀਹਰੀ ਦੇ ਦਲਿਤਾਂ ਨਾਲ ਧੱਕੇਸ਼ਾਹੀ ਬੰਦ ਕਰ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਦੇਣ ਅਤੇ ਸੁਸਾਇਟੀ ਦੇ ਮੈਂਬਰ ਬਣਾਉਣ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਭਵਾਨੀਗੜ੍ਹ ਬਲਾਕ ਦੇ ਪਿੰਡ ਫ਼ਤਹਿਗੜ੍ਹ ਭਾਦਸੋਂ ਵਿਚ ਦਲਿਤਾਂ ਦੀ ਧਰਮਸ਼ਾਲਾ ਦੀ ਉਸਾਰੀ ਉੱਪਰ ਰੋਕ ਲਾਉਣ ਵਾਲੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਅਵਾਮੀ ਰੰਗਮੰਚ ਸਿਉੜਾ ਵੱਲੋਂ ਨਾਟਕ ‘ਤੈਂ ਕੀ ਦਰਦ ਨਾ ਆਇਆ’ ਪੇਸ਼ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਪੇਂਟਿੰਗ ਅਤੇ ਲੇਖ ਮੁਕਾਬਲੇ ਵਿੱਚੋਂ ਪੁਜ਼ੀਸ਼ਨਾਂ ਲੈਣ ਵਾਲਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਚੌਂਦਾ, ਪੰਜਾਬ ਸਟੂਡੈਂਟ ਯੂਨੀਅਨ ਦੇ ਸੁਖਦੀਪ ਹਥਨ, ਪਰਮਜੀਤ ਕੌਰ ਲੌਂਗੋਵਾਲ, ਬਿੱਕਰ ਸਿੰਘ ਹਥੋਆ ਤੇ ਗੁਰਦਾਸ ਸਿੰਘ ਜਲੂਰ ਆਦਿ ਨੇ ਵੀ ਸੰਬੋਧਨ ਕੀਤਾ।